ਫ਼ੌਜ ਦੇਵੇਗੀ ਪੁਲਵਾਮਾ ਦੇ 40 ਸ਼ਹੀਦਾਂ ਦਾ ਬਦਲਾ: ਮੋਦੀ
ਫ਼ੌਜ ਦੇਵੇਗੀ ਪੁਲਵਾਮਾ ਦੇ 40 ਸ਼ਹੀਦਾਂ ਦਾ ਬਦਲਾ: ਮੋਦੀ

ਯਵਤਮਾਲ: 14 ਫਰਵਰੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਦੇਸ਼ ਦੇ 40 ਜਵਾਨ ਸ਼ਹੀਦ ਹੋ ਗਏ ਜਿਸ ਦਾ ਪੂਰਾ ਦੇਸ਼ ਬਦਲਾ ਮੰਗ ਰਿਹਾ ਹੈ। ਇਸ ਬਾਰੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇੱਕ ਵਾਰ ਫਿਰ ਲੋਕਾਂ ਨੂੰ ਧੀਰਜ ਰੱਖਣ ਅਤੇ ਸੁਰੱਖਿਆ ਬਲਾਂ ’ਤੇ ਭਰੋਸਾ ਕਾਇਮ ਰੱਖਣ ਦੀ ਅਪੀਲ ਕੀਤੀ ਹੈ। ਪੀਐਮ ਮੋਦੀ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਹਮਲੇ ਦੇ ਸਾਜ਼ਿਸ਼ਘਾੜਿਆਂ ਨੂੰ ਸਜ਼ਾ ਦੇਣ ਦੀ ਪੂਰੀ ਆਜ਼ਾਦੀ ਦੇ ਦਿੱਤੀ ਗਈ ਹੈ ਅਤੇ ਗੁਨ੍ਹਾਗਾਰਾਂ ਨੂੰ ਸਜ਼ਾ ਜ਼ਰੂਰ ਮਿਲੇਗੀ।

ਮਹਾਰਾਸ਼ਟਰ ਦੇ ਯਵਤਮਾਲ ਜ਼ਿਲ੍ਹੇ ਦੇ ਪਾਂਧਰਕਾਵੜਾ ਵਿੱਚ ਕਈ ਯੋਜਨਾਵਾਂ ਦੀ ਸ਼ੁਰੂਆਤ ਕਰਨ ਪੁੱਜੇ ਪੀਐਮ ਮੋਦੀ ਨੇ ਇੱਕ ਰੈਲੀ ਵਿੱਚ ਕਿਹਾ ਕਿ ਪਾਕਿਸਤਾਨ ਅੱਤਵਾਦ ਦਾ ਪਨਾਹਗਾਰ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਵੰਡ ਤੋਂ ਬਾਅਦ ਜੋ ਦੇਸ਼ ਹੋਂਦ ਵਿੱਚ ਆਇਆ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਬੜ੍ਹਾਵਾ ਦਿੰਦਾ ਹੈ, ਉਹ ਦੀਵਾਲੀਏ ਦੀ ਕਗਾਰ ’ਤੇ ਖੜ੍ਹਾ ਹੈ ਅਤੇ ਅੱਤਵਾਦ ਦੀ ਪਨਾਹਗਾਰ ਬਣ ਚੁੱਕਾ ਹੈ।

ਪੀਐਮ ਮੋਦੀ ਨੇ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਬੇਕਾਰ ਨਹੀਂ ਜਾਏਗੀ। ਉਨ੍ਹਾਂ ਸੁਰੱਖਿਆ ਬਲਾਂ ਨੂੰ ਹਮਲੇ ਦੇ ਸਾਜ਼ਿਸ਼ਘਾੜਿਆਂ ਨੂੰ ਸਜ਼ਾ ਦੇਣ ਦੀ ਖੁੱਲ੍ਹੀ ਛੁੱਟ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਸੰਗਠਨ ਲੁਕਣ ਦੀ ਕਿੰਨੀ ਵੀ ਕੋਸ਼ਿਸ਼ ਕਰ ਲੈਣ, ਉਨ੍ਹਾਂ ਨੂੰ ਲੱਭ ਕੇ ਉਨ੍ਹਾਂ ਦੇ ਅਪਰਾਧਾਂ ਦੀ ਸਜ਼ਾ ਦਿੱਤੀ ਜਾਏਗੀ। ਪ੍ਰੋਗਰਾਮ ਦੀ ਸ਼ੁਰੂਆਤ ਵੇਲੇ ਦੋ ਮਿੰਟ ਦਾ ਮੌਨ ਵਰਤ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।