ਅਕਾਲੀ ਦਲ ਵਿੱਚੋਂ ਕੱਢੇ ਜਾਣ ਤੋਂ ਬਾਅਦ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਲਕਾਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਹੁਣ ਉਨ੍ਹਾਂ ਦਾ ਇਕੋ ਇਕ ਨਿਸ਼ਾਨਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਦੀ ਗੋਲਕ ਦੀ ਲੁੱਟ ਨੂੰ ਬੰਦ ਕਰਵਾਉਣ ਦੇ ਨਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਬਹਾਲ ਕਰਵਾਉਣ ਲਈ ਸੰਘਰਸ਼ ਵਿੱਢਣਗੇ।ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੀਆਂ ਵਧੀਕੀਆਂ ਤੋਂ ਤੰਗ ਲੋਕਾਂ ਨੂੰ ਇਕ ਝੰਡੇ ਹੇਠ ਇਕੱਠੇ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜੋ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ, ਸਬੰਧੀ ਛੇਤੀ ਹੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ।
ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਵਲੋਂ ਸੰਗਰੂਰ ਵਿਖੇ ਰੈਲੀ ਕੀਤੀ ਗਈ। ਇਹ ਰੈਲੀ ਭਾਵੇਂ ਸਰਕਾਰ ਦੇ ਜ਼ਬਰ ਖਿਲਾਫ਼ ਰੱਖੀ ਗਈ ਸੀ ਪਰ ਮੌਕੇ ‘ਤੇ ਜ਼ਿਆਦਾਤਰ ਬੁਲਾਰਿਆਂ ਨੇ ਢੀਂਡਸਾ ਪਰਿਵਾਰ ‘ਤੇ ਹੀ ਨਿਸ਼ਾਨੇ ਲਾਏ ਸਨ। ਇਥੋਂ ਕਿ ਵੱਡੇ ਬਾਦਲ ਨੇ ਪਹਿਲੀ ਵਾਰ ਢੀਂਡਸਾ ਵਿਰੁਧ ਰੱਜ ਕੇ ਭੜਾਸ ਕੱਢੀ ਸੀ। ਇਸ ਤੋਂ ਸੋਮਵਾਰ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ‘ਚ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ‘ਚੋਂ ਕੱਢਣ ਦਾ ਐਲਾਨ ਕਰ ਦਿੱਤਾ ਗਿਆ। ਪਰਮਿੰਦਰ ਸਿੰਘ ਢੀਂਡਸਾ ਨੇ ਵੀ ਸੁਖਬੀਰ ਬਾਦਲ ‘ਤੇ ਸ਼ਬਦੀ ਹਮਲਾ ਬੋਲਿਆ ਹੈ।ਅਪਣੀ ਰਿਹਾਇਸ਼ ਵਿਖੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅੰਦਰ ਜਵਾਬ ਦਾ ਸਾਹਮਣਾ ਕਰਨ ਦਾ ਦਮ ਨਹੀਂ ਹੈ, ਇਸ ਕਰ ਕੇ ਬਿਨਾਂ ਨੋਟਿਸ ਭੇਜਿਆਂ ਤੇ ਬਿਨਾਂ ਜਵਾਬ ਸੁਨਣ ਦੇ ਸੁਖਦੇਵ ਸਿੰਘ ਢੀਂਡਸਾ ਤੇ ਮੈਨੂੰ ਪਾਰਟੀ ਵਿਚੋਂ ਕੱਢਣ ਦੀ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੇ ਸੁਖਬੀਰ ਸਿੰਘ ਬਾਦਲ ਦੀ ਤਾਨਾਸ਼ਾਹੀ ਦਾ ਪੁਖਤਾ ਸਬੂਤ ਦਿਤਾ ਹੈ।