ਬਠਿੰਡਾ : ਪੰਜਾਬ ਕਾਂਗਰਸ ਵਿਚ ਚੱਲ ਰਹੇ ਘਰੇਲੂ ਕਲੇਸ਼ ਦਰਮਿਆਨ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਮੀਡੀਆ ਵਿਚ ਕਿਸੇ ਵੀ ਤਰ੍ਹਾਂ ਦਾ ਬਿਆਨ ਦੇਣ ਤੋਂ ਗੁਰੇਜ਼ ਕਰਨ ਦੀ ਨਸੀਹ ਦਿੱਤੀ ਹੈ।

Image Courtesy :jagbani(punjabkesar)

ਬਠਿੰਡਾ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਲੜਾਈ ਹਰ ਘਰ ਵਿਚ ਹੁੰਦੀ ਹੈ ਪਰ ਉਸ ਲੜਾਈ ਨੂੰ ਇਸ ਢੰਗ ਨਾਲ ਚੁੱਕਣਾ ਗ਼ਲਤ ਹੈ। ਮਨਪ੍ਰੀਤ ਨੇ ਕਿਹਾ ਕਿ ਅਜਿਹੇ ਮਾਮਲੇ ਬਾਹਰ ਨਿਕਲ ਕੇ ਨਹੀਂ ਸਗੋਂ ਅੰਦਰ ਬੈਠ ਕੇ ਸੁਲਝਾਅ ਲੈਣੇ ਚਾਹੀਦੇ ਹਨ। ਇਸ ਦੇ ਨਾਲ ਹੀ ਮਨਪ੍ਰੀਤ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਦਾ ਰਵੱਈਆ ਗ਼ਲਤ ਹੈ, ਜਿਸ ਨੂੰ ਸੁਧਾਰਣ ਦੀ ਜ਼ਰੂਰਤ ਹੈ। ਮਨਪ੍ਰੀਤ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸ਼ਰਾਬ ਪੀੜਤਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ।
ਦੱਸਣਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਮਾਮਲੇ ‘ਤੇ ਪੰਜਾਬ ਸਰਕਾਰ ਖ਼ਿਲਾਫ ਮੋਰਚਾ ਖੋਲ੍ਹਣ ਵਾਲੇ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ‘ਤੇ ਸਰਕਾਰ ਵਿਰੋਧੀ ਗਤੀਵਿਧੀਆਂ ਨੂੰ ਘੋਰ ਅਨਸ਼ਾਸਨਹੀਣਤਾ ਕਰਾਰ ਦਿੰਦਿਆਂ ਸਮੁੱਚੀ ਪੰਜਾਬ ਕੈਬਨਿਟ ਨੇ ਉਨ੍ਹਾਂ ਨੂੰ ਪਾਰਟੀ ‘ਚੋਂ ਬਾਹਰ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ। ਕੈਬਨਿਟ ਮੰਤਰੀਆਂ ਨੇ ਜ਼ਹਿਰੀਲੀ ਸ਼ਰਾਬ ਕਾਂਡ ‘ਤੇ ਆਪਣੀ ਪਾਰਟੀ ਦੀ ਸਰਕਾਰ ‘ਤੇ ਹਮਲਾ ਬੋਲਣ ਲਈ ਦੋਵੇਂ ਆਗੂਆਂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਵਜ਼ੀਰਾਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਬਿਨਾਂ ਕਿਸੇ ਢਿੱਲ ਅਤੇ ਦੇਰੀ ਤੋਂ ਦੋਵਾਂ ਆਗੂਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਦੋ ਸਾਲ ਤੋਂ ਵੀ ਘੱਟ ਰਹਿੰਦਾ ਹੋਵੇ ਤਾਂ ਅਜਿਹੇ ਸਮੇਂ ‘ਚ ਅਨੁਸ਼ਾਸਨਹੀਣਤਾ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਸਕਦਾ ਹੈ।

News Credit :jagbani(punjabkesar)