ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਜੰਤਰ ਮੰਤਰ ’ਤੇ ਰੈਲੀ ਕਰਨ ਦੀ ਇਜਾਜ਼ਤ ਸਬੰਧੀ ਦਿੱਲੀ ਪੁਲਿਸ ਨੂੰ ਲਿਖਿਆ ਗਿਆ ਸੀ ਤੇ ਪੁਲਿਸ ਨੇ ਪਹਿਲਾਂ ਵੀ ਕਿਸਾਨ ਜਥੇਬੰਦੀਆਂ ਦੀ ਬੇਨਤੀ ਰੱਦ ਕਰ ਦਿੱਤੀ ਸੀ।

Image courtesy Abp Sanjha

ਚੰਡੀਗੜ੍ਹ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ (farmer Unions) ਨੂੰ ਦਿੱਲੀ ਪੁਲਿਸ (Delhi police) ਨੇ ਕੌਮੀ ਰਾਜਧਾਨੀ ਦੇ ਰਾਮ ਲੀਲਾ ਗਰਾਊਂਡ ਵਿੱਚ ਰੈਲੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਇਸ ਬਾਰੇ ਪੁਲਿਸ ਨੇ ਕਿਸਾਨ ਜਥੰਬਦੀਆਂ ਨੂੰ ਜਾਣਕਾਰੀ ਭੇਜ ਦਿੱਤੀ ਹੈ। ਸਰਬ ਭਾਰਤ ਕਿਸਾਨ ਸੰਘਰਸ਼ ਸਹਿਯੋਗ ਕਮੇਟੀ ਦੇ ਲੀਡਰ ਪ੍ਰੇਮ ਸਿੰਘ ਗਹਿਲਾਵਤ ਨੂੰ ਲਿਖੇ ਪੱਤਰ ਵਿੱਚ ਪੁਲਿਸ ਨੇ ਕਿਹਾ ਹੈ ਕਿ ਕਾਨੂੰਨ ਵਿਵਸਥਾ, ਆਵਾਜਾਈ ’ਚ ਵਿਘਨ ਤੇ ਕੋਰੋਨਾਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ 15 ਤੋਂ 27 ਨਵੰਬਰ ਤੱਕ ਰਾਮ ਲੀਲਾ ਗਰਾਊਂਡ (Ram Leela Ground) ਵਿੱਚ ਇਕੱਠੇ ਹੋਣ ਦੀ ਦਿੱਤੀ ਗਈ ਅਰਜ਼ੀ ਰੱਦ ਕੀਤੀ ਜਾਂਦੀ ਹੈ।

ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵੱਲੋਂ ਜੰਤਰ ਮੰਤਰ ’ਤੇ ਰੈਲੀ ਕਰਨ ਦੀ ਇਜਾਜ਼ਤ ਸਬੰਧੀ ਦਿੱਲੀ ਪੁਲਿਸ ਨੂੰ ਲਿਖਿਆ ਗਿਆ ਸੀ ਤੇ ਪੁਲਿਸ ਨੇ ਪਹਿਲਾਂ ਵੀ ਕਿਸਾਨ ਜਥੇਬੰਦੀਆਂ ਦੀ ਬੇਨਤੀ ਰੱਦ ਕਰ ਦਿੱਤੀ ਸੀ। ਦਿੱਲੀ ਪੁਲਿਸ ਦੀ ਤਾਜ਼ਾ ਕਾਰਵਾਈ ਤੋਂ ਬਾਅਦ ਕੇਂਦਰ ਤੇ ਕਿਸਾਨਾਂ ਦਰਮਿਆਨ ਟਕਰਾਅ ਵਧ ਸਕਦਾ ਹੈ ਕਿਉਂਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਸਮੇਤ ਮੁਲਕ ਭਰ ਦੀਆਂ 500 ਦੇ ਕਰੀਬ ਜਥੇਬੰਦੀਆਂ ਨੇ 26 ਤੇ 27 ਨਵੰਬਰ ਨੂੰ ਦਿੱਲੀ ’ਚ ਕਿਸਾਨਾਂ ਦਾ ਵੱਡਾ ਇਕੱਠਾ ਕਰਨ ਦਾ ਐਲਾਨ ਕੀਤਾ ਹੈ।

ਉਧਰ, ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ 13 ਨਵੰਬਰ ਨੂੰ ਦਿੱਲੀ ਵਿੱਚ ਦੋ ਕੇਂਦਰੀ ਮੰਤਰੀਆਂ ਖੇਤੀ ਮੰਤਰੀ ਨਰਿੰਦਰ ਤੋਮਰ ਤੇ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਹੋਈ ਮੀਟਿੰਗ ਦੀ ਸਮੀਖਿਆ ਲਈ ਚੰਡੀਗੜ੍ਹ ’ਚ ਮੀਟਿੰਗ ਸੱਦੀ ਗਈ ਹੈ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਦੱਸਿਆ ਕਿ ਦਿੱਲੀ ਨਗਰ ਨਿਗਮ ਤੇ ਰਾਮ ਲੀਲਾ ਕਮੇਟੀ ਵੱਲੋਂ ਕਿਸਾਨਾਂ ਨੂੰ ਰੈਲੀ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਸੀ ਪਰ ਦਿੱਲੀ ਪੁਲਿਸ ਦੀ ਕਾਰਵਾਈ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਭਲਕੇ ਹੋਣ ਵਾਲੀ ਮੀਟਿੰਗ ’ਚ ਵਿਚਾਰਿਆ ਜਾਵੇਗਾ।

News Credit ABP Sanjha