ਆਤਿਸ਼ ਗੁਪਤਾ

ਚੰਡੀਗੜ੍ਹ, 12 ਜਨਵਰੀ

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ ਵਿੱਚ ਕਿਸਾਨਾਂ ਦੇ ਸੰਘਰਸ਼ ਦੀ ਹਰ ਤਬਕੇ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ। ਅੱਜ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਕਿਸਾਨਾਂ ਦੀ ਹਮਾਇਤ ਵਿੱਚ ਮਨੁੱਖੀ ਚੇਨ ਬਣਾ ਕੇ ਰੋਸ ਪ੍ਰਦਰਸ਼ਨ ਕੀਤੇ। ਇਹ ਪ੍ਰਦਰਸ਼ਨ ਸੂਬੇ ਵਿੱਚ ਅੱਧਾ ਦਰਜਨ ਥਾਵਾਂ ‘ਤੇ ਕੀਤੇ ਗਏ ਹਨ, ਜਿਸ ਵਿੱਚ ਮੁਲਾਜ਼ਮਾਂ ਨੇ ਵੀ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਹਰਿਆਣਾ ਵਿੱਚ ਸਥਿਤ ਟੌਲ ਪਲਾਜ਼ਿਆਂ ‘ਤੇ ਵੀ ਕਿਸਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਜਾਰੀ ਹਨ। ਸੂਬੇ ਵਿੱਚ ਕਾਰਪੋਰੇਟ ਘਰਾਣਿਆਂ, ਸ਼ਾਪਿੰਗ ਮਾਲਜ਼, ਪੈਟਰੋਲ ਪੰਪਾਂ ਦਾ ਘਿਰਾਓ ਵੀ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਯੂਥ ਵਿੰਗ ਨੇ ਸੂਬੇ ਵਿੱਚ 19 ਜਨਵਰੀ ਨੂੰ ਜ਼ਿਲ੍ਹਾ ਪੱਧਰ ‘ਤੇ ‘ਟਰੈਕਟਰ ਮਾਰਚ’ ਕੱਢਣ ਦਾ ਐਲਾਨ ਕੀਤਾ ਹੈ। ਇਸ ਲਈ ਯੂਥ ਵਿੰਗ ਦੇ ਪ੍ਰਧਾਨ ਰਵੀ ਆਜ਼ਾਦ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸੰਪਰਕ ਕਰ ਰਹੀਆਂ ਹਨ। ਰਵੀ ਆਜ਼ਾਦ ਨੇ ਦੱਸਿਆ ਕਿ ਇਹ ਟਰੈਕਟਰ ਮਾਰਚ 26 ਜਨਵਰੀ ਨੂੰ ਦਿੱਲੀ ਵਿਚਲੇ ਟਰੈਕਟਰ ਮਾਰਚ ਦੀ ਤਿਆਰੀ ਲਈ ਕੱਢੇ ਜਾ ਰਹੇ ਹਨ, ਜਿਸ ਵਿੱਚ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਦੇ ਲੋਕ ਹਿੱਸਾ ਲੈਣਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਇਨ੍ਹਾਂ ਨੂੰ ਰੱਦ ਕਰਨਾ ਹੀ ਇੱਕੋ ਇੱਕ ਹੱਲ ਹੈ। ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 26 ਜਨਵਰੀ ਨੂੰ ਕਿਸੇ ਵੀ ਭਾਜਪਾ ਜਾਂ ਜੇਜੇਪੀ ਦੇ ਮੰਤਰੀ ਨੂੰ ਤਿਰੰਗਾ ਝੰਡਾ ਨਹੀਂ ਲਹਿਰਾਉਣ ਦਿੱਤਾ ਜਾਵੇਗਾ।

News Source link