ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 13 ਜਨਵਰੀ

ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਸੀਬੀਆਈ ਨੇ ਅੱਜ ਪੰਜਾਬ ਪੁਲੀਸ ਨੂੰ ਕੇਸ ਫਾਈਲ ਅਤੇ ਹੋਰ ਸਬੰਧਤ ਦਸਤਾਵੇਜ਼ ਨਹੀਂ ਸੌਂਪੇ। ਬੇਅਦਬੀ ਮਾਮਲਿਆਂ (ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਬੁੱਧਵਾਰ ਨੂੰ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ਵਿੱਚ ਸੁਣਵਾਈ ਹੋਈ। ਬੀਤੇ ਦਿਨੀਂ ਸੀਬੀਆਈ ਅਦਾਲਤ ਨੇ ਜਾਂਚ ਏਜੰਸੀ ਦੇ ਅਧਿਕਾਰੀ ਨੂੰ ਕੇਸ ਫਾਈਲ ਲੈ ਕੇ ਪੇਸ਼ ਹੋਣ ਲਈ ਕਿਹਾ ਸੀ ਪਰ ਅੱਜ ਜਾਂਚ ਅਧਿਕਾਰੀ ਅਦਾਲਤ ਵਿੱਚ ਪੇਸ਼ ਨਹੀਂ ਹੋਏ, ਜਿਸ ਕਾਰਨ ਪੰਜਾਬ ਪੁਲੀਸ ਨੂੰ ਕੇਸ ਫਾਈਲ ਨਹੀਂ ਮਿਲ ਸਕੀ। ਸੁਣਵਾਈ ਦੌਰਾਨ ਸੀਬੀਆਈ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਬੇਅਦਬੀ ਮਾਮਲਿਆਂ ਸਬੰਧੀ ਸੀਬੀਆਈ ਦੇ ਜਾਂਚ ਅਧਿਕਾਰੀ ਮਰਹੂਮ ਅਦਾਕਾਰ ਸੁਸ਼ਾਂਤ ਰਾਜਪੂਤ ਕਤਲ ਕੇਸ ਵਿੱਚ ਰੁੱਝੇ ਹੋਣ ਕਾਰਨ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ ਹਨ। ਕੇਸ ਫਾਈਲ ਸਮੇਤ ਹੋਰ ਲੋੜੀਂਦੇ ਦਸਤਾਵੇਜ਼ ਪੰਜਾਬ ਪੁਲੀਸ ਦੇ ਸਪੁਰਦ ਕਰਨ ਲਈ ਜਾਂਚ ਏਜੰਸੀ ਨੂੰ 10 ਦਿਨ ਦੀ ਮੋਹਲਤ ਦਿੱਤੀ ਜਾਵੇ। ਸੀਬੀਆਈ ਦੀ ਇਸ ਦਲੀਲ ਦਾ ਸਖ਼ਤ ਵਿਰੋਧ ਕਰਦਿਆਂ ਸੰਯੁਕਤ ਡਾਇਰੈਕਟਰ ਰਾਜੇਸ਼ ਸਲਵਾਨ ਅਤੇ ਸਰਕਾਰੀ ਵਕੀਲ ਸੰਜੀਤ ਬੱਤਰਾ ਨੇ ਕਿਹਾ ਕਿ ਜਾਂਚ ਏਜੰਸੀ ਜਾਣਬੁੱਝ ਕੇ ਕੇਸ ਨੂੰ ਲਮਕਾ ਰਹੀ ਹੈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਸੁਣਵਾਈ 21 ਜਨਵਰੀ ‘ਤੇ ਅੱਗੇ ਪਾ ਦਿੱਤੀ।

News Source link