ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਜਨਵਰੀ

ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਸੰਯੁਕਤ ਮੋਰਚੇ ਵੱਲੋਂ ਅੱਜ ਗਾਂਧੀ ਜਯੰਤੀ ਮੌਕੇ ਭੁੱਖ ਹੜਤਾਲ ਦੇ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਇੱਥੇ ਵੀ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਪੂਰੇ ਦਿਨ ਵਾਸਤੇ ਭੁੱਖ ਹੜਤਾਲ ਰੱਖੀ। ਭੰਡਾਰੀ ਪੁਲ ਵਿਖੇ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਸਮੇਤ ਜਮਹੂਰੀ ਅਤੇ ਅਗਾਂਹਵਧੂ ਜਥੇਬੰਦੀਆਂ ਦੇ ਕਾਰਕੁਨ ਇਕੱਠੇ ਹੋਏ, ਜਿਨ੍ਹਾਂ ਨੇ ਇੱਥੇ ਧਰਨਾ ਦਿੱਤਾ ਅਤੇ ਭੁੱਖ ਹੜਤਾਲ ਕੀਤੀ। ਕਿਸਾਨ ਆਗੂ ਰਤਨ ਸਿੰਘ ਰੰਧਾਵਾ ਨੇ ਦੱਸਿਆ ਕਿ ਗਾਂਧੀ ਜਯੰਤੀ ਮੌਕੇ ਅੱਜ ਇੱਥੇ ਭਾਜਪਾ ਦੇ ਫਾਸ਼ੀ ਏਜੰਡੇ ਖ਼ਿਲਾਫ਼ ਅਤੇ ਮੋਰਚੇ ‘ਤੇ ਬੈਠੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਇਹ ਭੁੱਖ ਹੜਤਾਲ ਕੀਤੀ ਗਈ ਹੈ। ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਸੰਬੋਧਨ ਕਰਨ ਵਾਲਿਆਂ ਵਿਚ ਅੰਗਰੇਜ਼ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਪ੍ਰਕਾਸ਼ ਸਿੰਘ ਥੋਥੀਆਂ ਤੇ ਹੋਰ ਕਈ ਆਗੂ ਸ਼ਾਮਲ ਸਨ।

ਸਿਰਸਾ(ਪ੍ਰਭੂ ਦਿਆਲ): ਕਿਸਾਨਾਂ ਨੇ ਅੱਜ ਇਕ ਦਿਨ ਦੀ ਭੁੱਖ ਹੜਤਾਲ ਕੀਤੀ ਤੇ ਸ਼ਹਿਰ ਦੇ ਮੁੱਖ ਬਾਜ਼ਾਰਾਂ ‘ਚ ਸ਼ਾਂਤੀ ਮਾਰਚ ਕੀਤਾ। ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਿਸਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ। ਕਿਸਾਨ ਅੱਜ ਵੱਡੀ ਗਿਣਤੀ ‘ਚ ਸ਼ਹੀਦ ਭਗਤ ਸਿੰਘ ਸਟੇਡੀਅਮ ਇਕੱਠੇ ਹੋਏ ਜਿਥੇ ਉਨ੍ਹਾਂ ਨੇ ਭੁੱਖ ਹੜਤਾਲ ਦਾ ਐਲਾਨ ਕੀਤਾ। ਸ਼ਾਂਤੀ ਮਾਰਚ ਲਾਲ ਬੱਤੀ ਚੌਕ ‘ਤੇ ਸਮਾਪਤ ਹੋਇਆ। ਕਿਸਾਨ ਸਭਾ ਦੇ ਆਗੂ ਸੁਵਰਨ ਸਿੰਘ ਵਿਰਕ ਨੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸ਼ਾਂਤੀਪੂਰਨ ਸੀ, ਸ਼ਾਂਤੀਪੂਰਨ ਹੈ ਤੇ ਸ਼ਾਂਤੀਪੂਰਨ ਹੀ ਰਹੇਗਾ। ਸਰਕਾਰ ਤੇ ਆਰਐੱਸਐੱਸ ਦੇ ਕੁਝ ਲੋਕ ਇਸ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ਾਂ ਕਰ ਰਹੇ ਹਨ। ਜਨਵਾਦੀ ਮਹਿਲਾ ਸਮਿਤੀ ਦੇ ਆਗੂ ਬਲਬੀਰ ਕੌਰ ਗਾਂਧੀ, ਕਿਸਾਨ ਆਗੂ ਲਖਵਿੰਦਰ ਸਿੰਘ ਲੱਖਾ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।

News Source link