ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 4 ਫਰਵਰੀ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ 4 ਫਰਵਰੀ 1986 ਨੂੰ ਨਕੋਦਰ ਵਿਖੇ ਪੁਲੀਸ ਦੀ ਗੋਲੀ ਨਾਲ ਮਾਰੇ ਗਏ ਚਾਰ ਸਿੱਖ ਨੌਜਵਾਨਾਂ ਦੀ ਯਾਦ ਵਿੱਚ ਅੱਜ ਇੱਥੇ ਅਕਾਲ ਤਖ਼ਤ ਨੇੜੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮਾਰੇ ਗਏ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਿੱਖ ਜਥੇਬੰਦੀਆਂ ਨੇ ਮੰਗ ਕੀਤੀ ਹੈ ਕਿ ਨਕੋਦਰ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇ।

ਸ਼ਹੀਦ ਨੌਜਵਾਨ ਰਵਿੰਦਰ ਸਿੰਘ ਦੀ ਭੈਣ ਗਗਨਦੀਪ ਕੌਰ ਨੇ ਆਖਿਆ ਕਿ 35 ਵਰ੍ਹੇ ਬੀਤਣ ਨੂੰ ਆਏ ਹਨ ਪਰ ਹੁਣ ਤੱਕ ਇਸ ਮਾਮਲੇ ਵਿਚ ਪੀੜਤ ਪਰਿਵਾਰਾਂ ਨੂੰ ਨਿਆਂ ਨਹੀਂ ਮਿਲਿਆ। ਦਲ ਖ਼ਾਲਸਾ ਦੇ ਕੰਵਰਪਾਲ ਸਿੰਘ ਨੇ ਦੋਸ਼ ਲਾਇਆ ਕਿ ਉਸ ਵੇਲੇ ਦੇ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਹਨ ਅਤੇ ਇਨ੍ਹਾਂ ਨੂੰ ਪਾਰਟੀ ਨੇ ਪਨਾਹ ਦਿੱਤੀ ਹੋਈ ਹੈ। ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਕੀਰਤਨ ਹੋਇਆ ਤੇ ਸਿੱਖ ਜਥੇਬੰਦੀਆਂ ਵੱਲੋਂ ਸ਼ਹੀਦ ਪਰਿਵਾਰਾਂ ਨੂੰ ਸਨਮਾਨਤ ਵੀ ਕੀਤਾ ਗਿਆ। ਮਾਰੇ ਨੌਜਵਾਨਾਂ ਦੇ ਪਰਿਵਾਰਾਂ ਵਿੱਚੋਂ ਅੱਜ ਸਿਰਫ਼ ਇੱਕ ਨੌਜਵਾਨ ਦਾ ਪਰਿਵਾਰ ਹੀ ਪੁੱਜਾ।

News Source link