ਪੱਤਰ ਪ੍ਰੇਰਕ

ਨਵੀਂ ਦਿੱਲੀ, 13 ਫਰਵਰੀ

ਟਿਕਰੀ ਬਾਰਡਰ ‘ਤੇ ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਉਪਰ ਕੌਮੀ ਕਿਸਾਨ ਆਗੂਆਂ ਦੀ ਭਰਵੀਂ ਹਾਜ਼ਰੀ ਰਹੀ। ਕੁਲ ਹਿੰਦ ਕਿਸਾਨ ਮਜ਼ਦੂਰ ਸਭਾ ਦੇ ਕੌਮੀ ਜਨਰਲ ਸਕੱਤਰ ਡਾ. ਆਸ਼ੀਸ਼ ਮਿੱਤਲ ਨੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਿੰਨ ਲੋਕ ਵਿਰੋਧੀ ਕਾਨੂੰਨਾਂ ਰਾਹੀਂ ਦੇਸ਼ ਦੀ ਸਮੁੱਚੀ ਖੇਤੀ ਅਤੇ ਖ਼ੁਰਾਕ ਕਾਰਪੋਰੇਟ ਖੇਤਰ ਦੇ ਹੱਥਾਂ ਵਿੱਚ ਸੌਂਪਣਾ ਚਾਹੁੰਦੀ ਹੈ। ਉਨ੍ਹਾਂ ਕਿਹਾ,”ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਕਾਨੂੰਨਾਂ ਦਾ ਵਿਰੋਧ ਕਰਨ ਵਾਲਿਆਂ ਨੂੰ ‘ਅੰਦੋਲਨਜੀਵੀ’ ਅਤੇ ‘ਪਰਜੀਵੀ’ ਕਿਹਾ ਸੀ ਪਰ ਅਸਲੀ ਪਰਜੀਵੀ ਤਾਂ ਕਾਰਪੋਰੇਟ ਕੰਪਨੀਆਂ ਹਨ ਜੋ ਕਿਸਾਨਾਂ-ਮਜ਼ਦੂਰਾਂ ਦੀ ਲੁੱਟ ਕਰਕੇ ਮੁਨਾਫ਼ੇ ਕਮਾਉਣਾ ਚਾਹੁੰਦੀਆਂ ਹਨ।” ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਾਰਿਆਂ ਨੂੰ ਏਕਾ ਬਣਾ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਅਡਾਨੀ-ਅੰਬਾਨੀ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਨਾ ਕਰ ਸਕਣ। ਉਨ੍ਹਾਂ ਭਾਜਪਾ ਦੇ ਆਈਟੀ ਸੈੱਲ ਵੱਲੋਂ ਸੋਸ਼ਲ ਮੀਡੀਆ ‘ਤੇ ਕਿਸਾਨ ਆਗੂਆਂ ਖ਼ਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ਦੀ ਵੀ ਨਿਖੇਧੀ ਕੀਤੀ।

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਝੂਠ ਬੋਲ ਰਹੇ ਹਨ ਕਿ ਤਿੰਨ ਕਾਨੂੰਨਾਂ ਵਿੱਚ ਕੋਈ ਕਮੀ ਨਹੀਂ ਹੈ ਜਦਕਿ ਕਿਸਾਨ ਆਗੂ ਸਰਕਾਰ ਨਾਲ ਹੋਈਆਂ ਮੀਟਿੰਗਾਂ ਵਿੱਚ ਕਾਨੂੰਨਾਂ ਦੇ ਹਰੇਕ ਨੁਕਤੇ ‘ਤੇ ਬਹਿਸ ਕਰਕੇ ਉਨ੍ਹਾਂ ਨੂੰ ਲਾਜਵਾਬ ਕਰ ਚੁੱਕੇ ਹਨ।

News Source link