ਗੁਰਦੀਪ ਸਿੰਘ ਲਾਲੀ

ਸੰਗਰੂਰ, 13 ਫਰਵਰੀ

ਖੇਤੀ ਕਾਨੂੰਨ ਰੱਦ ਕਰਾਉਣ ਲਈ ਰੋਸ ਧਰਨਿਆਂ ਦੌਰਾਨ ਕਿਸਾਨ ਆਗੂਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਵਲੋਂ ਕਿਸਾਨ ਅੰਦੋਲਨ ‘ਚ ਸ਼ਹੀਦ ਹੋਣ ਵਾਲੇ ਕਿਸਾਨਾਂ ਬਾਰੇ ਦਿੱਤੇ ਬਿਆਨ ਦੀ ਸਖਤ ਨਿਖੇਧੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਦੇਸ਼ ਦੇ ਲੋਕਤੰਤਰ ਲਈ ਸ਼ਰਮਨਾਕ ਹਨ ਜਿਸ ਖ਼ਿਲਾਫ਼ ਦੇਸ਼ ਦੇ ਹਰ ਵਰਗ ਦੇ ਲੋਕਾਂ ਨੂੰ ਇਕਜੁੱਟ ਹੋ ਕੇ ਕਿਸਾਨ ਅੰਦੋਲਨ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਕਿਉਂਕਿ ਕਿਸਾਨ ਅੰਦੋਲਨ ਹੁਣ ਸਿਰਫ਼ ਕਿਸਾਨਾਂ ਦਾ ਨਹੀਂ ਸਗੋਂ ਜਨ ਲੋਕ ਅੰਦੋਲਨ ਬਣ ਚੁੱਕਿਆ ਹੈ। ਇਸ ਮੌਕੇ ਵੱਡੀ ਗਿਣਤੀ ਕਿਸਾਨ ਔਰਤਾਂ ਸ਼ਾਮਲ ਹੋਈਆਂ। ਇਥੇ ਰੇਲਵੇ ਸਟੇਸ਼ਨ ਨੇੜੇ ਤੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਕਿਸਾਨਾਂ ਵਲੋਂ ਧਰਨੇ ਜਾਰੀ ਹਨ। ਧਰਨਿਆਂ ਮੌਕੇ ਕਿਸਾਨ ਆਗੂ ਨਰੰਜਣ ਸਿੰਘ ਦੋਹਲਾ, ਹਰਮੇਲ ਸਿੰਘ ਮਹਿਰੋਕ, ਨਿਰਮਲ ਸਿੰਘ ਬਟੜਿਆਣਾ, ਡਾ. ਹਰਪ੍ਰੀਤ ਕੌਰ ਖਾਲਸਾ, ਗੋਬਿੰਦਰ ਸਿੰਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਸਰੂਪ ਚੰਦ ਕਿਲਾਭਰੀਆਂ, ਗੁਰਦੀਪ ਸਿੰਘ ਕੰਮੋਮਾਜਰਾ ਆਦਿ ਨੇ ਸੰਬੋਧਨ ਕੀਤਾ।

‘ਸ਼ਹੀਦ ਕਿਸਾਨਾਂ ਬਾਰੇ ਰਿਕਾਰਡ ਨਾ ਹੋਣ ਦਾ ਬਿਆਨ ਮੰਦਭਾਗਾ’

ਬੁਲਾਰਿਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਕੋਈ ਰਿਕਾਰਡ ਨਾ ਹੋਣ ਤੇ ਮੁਆਵਜ਼ਾ ਦੇਣ ਸਬੰਧੀ ਕੋਈ ਯੋਜਨਾ ਨਾ ਹੋਣ ਬਾਰੇ ਬਿਆਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਦੇ ਬਿਆਨਾਂ ਤੋਂ ਸਪੱਸ਼ਟ ਹੋ ਗਿਆ ਹੈ ਕਿ ਕੇਂਦਰ ਕਿਸਾਨਾਂ ਪ੍ਰਤੀ ਕਿੰਨੀ ਗੰਭੀਰ ਹੈ ਪਰ ਖੇਤੀ ਕਾਨੂੰਨਾਂ ਖ਼ਿਲਾਫ਼ ਲੜੇ ਜਾ ਰਹੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ। ਇਤਿਹਾਸ ‘ਚ ਇਨ੍ਹਾਂ ਮਹਾਨ ਸ਼ਹੀਦਾਂ ਦਾ ਨਾਂ ਸੁਨਹਿਰੀ ਪੰਨਿਆਂ ‘ਚ ਦਰਜ ਹੋਵੇਗਾ। ਉਨ੍ਹਾਂ ਕਿਹਾ ਕਿ 14 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਸ਼ਹਿਰਾਂ ‘ਚ ਮੋਮਬੱਤੀ ਮਾਰਚ ਕੱਢੇ ਜਾਣਗੇ।

News Source link