ਚਰਨਜੀਤ ਭੁੱਲਰ

ਚੰਡੀਗੜ੍ਹ, 14 ਫਰਵਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਸੱਤਾ ਵਿਚ ਰਹਿਣ ਦਾ ਨੈਤਿਕ ਹੱਕ ਗੁਆ ਬੈਠੀਆਂ ਹਨ ਜਿਸ ਕਰ ਕੇ ਇਨ੍ਹਾਂ ਨੂੰ ਦੇਸ਼ ਅਤੇ ਹਰਿਆਣਾ ਦੇ ਹਿੱਤ ਵਿਚ ਸੱਤਾ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕੇਂਦਰ ਅਤੇ ਹਰਿਆਣਾ ਦੇ ਖੇਤੀ ਮੰਤਰੀ ਤੋਂ ਇਲਾਵਾ ਹੋਰ ਭਾਜਪਾ ਆਗੂਆਂ ਵੱਲੋਂ ਸੰਘਰਸ਼ੀ ਕਿਸਾਨਾਂ ਦੀਆਂ ਮੌਤਾਂ ਬਾਰੇ ਬਿਆਨਬਾਜ਼ੀ ਕੀਤੇ ਜਾਣ ‘ਤੇ ਦੁੱਖ ਜ਼ਾਹਿਰ ਕੀਤਾ।

ਉਨ੍ਹਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਹਰਿਆਣਾ ਦੇ ਖੇਤੀ ਮੰਤਰੀ ਜੇ.ਪੀ. ਦਲਾਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਬਾਰੇ ਬਿਆਨਬਾਜ਼ੀ ਕੀਤੇ ਜਾਣ ਦੀ ਨਿਖੇਧੀ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਕੱਲਾ ਪੰਜਾਬ ਹੀ ਇਸ ਅੰਦੋਲਨ ਵਿਚ ਜਾਨ ਗੁਆ ਚੁੱਕੇ 102 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਦਾ ਕਰ ਚੁੱਕਾ ਹੈ। ਇੱਥੋਂ ਤੱਕ ਕਿ ਮੀਡੀਆ ਵੀ ਵੱਖ-ਵੱਖ ਸੂਬਿਆਂ ਨਾਲ ਸਬੰਧਤ 200 ਕਿਸਾਨਾਂ ਦੀ ਮੌਤ ਬਾਰੇ ਜਾਣਕਾਰੀ ਦੇ ਚੁੱਕਾ ਹੈ। ਉਨ੍ਹਾਂ ਹਰਿਆਣਾ ਦੇ ਖੇਤੀਬਾੜੀ ਮੰਤਰੀ ਦਲਾਲ ਨੂੰ ਵੀ ਕਿਸਾਨਾਂ ਬਾਰੇ ਵਿਵਾਦਤ ਬਿਆਨ ਦੇਣ ਲਈ ਲੰਬੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਨਵੇਂ ਖੇਤੀ ਕਾਨੂੰਨਾਂ ਦੀ ਪ੍ਰਚਾਰ ਮੁਹਿੰਮ ‘ਤੇ ਅੱਠ ਕਰੋੜ ਰੁਪਏ ਖਰਚ ਕਰ ਸਕਦੀ ਹੈ ਉਹ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਦੇ ਸਕਦੀ? ਮੁੱਖ ਮੰਤਰੀ ਨੇ ਕਿਹਾ “ਇਹ ਕਿਹੋ ਜਿਹੀ ਸਰਕਾਰ ਹੈ ਜਿਸ ਨੂੰ ਆਪਣੇ ਦੇਸ਼ ਵਿੱਚ ਮਰ ਰਹੇ ਲੋਕਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ।”

ਨਵਜੋਤ ਮਾਮਲੇ ‘ਤੇ ਅਮਰਿੰਦਰ ਤੇ ਰਾਵਤ ਦੀ ਗੁਪਤ ਮੀਟਿੰਗ

ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸ਼ੁੱਕਰਵਾਰ ਨੂੰ ਗੁਪਤ ਮੀਟਿੰਗ ਕੀਤੀ। ਹਾਲੇ ਕੁਝ ਦਿਨ ਪਹਿਲਾਂ ਹੀ ਨਵਜੋਤ ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਸੂਤਰਾਂ ਅਨੁਸਾਰ ਹਰੀਸ਼ ਰਾਵਤ ਨੇ ਮੁੱਖ ਮੰਤਰੀ ਨਾਲ ਰਾਤ ਦੇ ਖਾਣੇ ‘ਤੇ ਮੀਟਿੰਗ ਕੀਤੀ।

ਪਤਾ ਲੱਗਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ ਸੁਨੇਹਾ ਲੈ ਕੇ ਵਿਸ਼ੇਸ਼ ਹੈਲੀਕਾਪਟਰ ਰਾਹੀਂ ਰਾਵਤ ਸ਼ੁੱਕਰਵਾਰ ਨੂੰ ਚੰਡੀਗੜ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਮਿਲਣ ਪੁੱਜੇ ਸਨ। ਸੂਤਰ ਆਖਦੇ ਹਨ ਕਿ ਨਵਜੋਤ ਸਿੱਧੂ ਦੀ ਅੱਖ ਕਾਂਗਰਸ ਦੀ ਪ੍ਰਧਾਨਗੀ ‘ਤੇ ਹੈ ਅਤੇ ਉਹ ਮੁੱਖ ਮੰਤਰੀ ਦੀ ਵਜ਼ਾਰਤ ਵਿੱਚ ਵਾਪਸੀ ਲਈ ਵੀ ਹਾਮੀ ਭਰ ਰਹੇ ਹਨ। ਉੱਧਰ, ਸ੍ਰੀ ਸਿੱਧੂ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਦੇਣ ਦੀ ਗੱਲ ਵੀ ਚੱਲੀ ਹੈ।

News Source link