ਦਰਸ਼ਨ ਸਿੰਘ ਸੋਢੀ
ਮੁਹਾਲੀ, 25 ਫਰਵਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸਿੱਖਾਂ ਦੇ ਜਥੇ ਨਨਕਾਣਾ ਸਾਹਿਬ ਜਾਣ ਦੀ ਆਗਿਆ ਨਾ ਦੇਣਾ ਮੰਦਭਾਗੀ ਗੱਲ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲੋਂ ਨਾਤਾ ਤੋੜਨ ਕਾਰਨ ਸਿਆਸੀ ਬਦਲਾਖੋਰੀ ਕਾਰਨ ਸਰਕਾਰ ਨੇ ਜਾਣਬੁੱਝ ਕੇ ਸਿੱਖ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। ਬੀਬੀ ਜਗੀਰ ਕੌਰ ਅੱਜ ਇੱਥੇ ਗੁਰੂ ਹਰਿਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸਾਲਾਨਾ ਜੋੜ ਮੇਲ ਅਤੇ ਗੁਰਮਤਿ ਸਮਾਗਮ ਵਿੱਚ ਹਿੱਸਾ ਲੈਣ ਆਏ ਸਨ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਆਈਏਐੱਸ, ਆਈਪੀਐੱਸ ਅਤੇ ਪੀਸੀਐੱਸ ਦੀ ਪ੍ਰੀਖਿਆ ਸਬੰਧੀ ਲੋੜਵੰਦ ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਇਸ ਸਬੰਧੀ ਤਜਰਬੇਕਾਰ ਅਧਿਆਪਕਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ। ਜਦੋਂਕਿ ਇਸ ਤੋਂ ਪਹਿਲਾਂ ਕੋਚਿੰਗ ਦੇਣ ਲਈ ਫੀਸ ਵਸੂਲੀ ਜਾਂਦੀ ਸੀ। ਉਨ੍ਹਾਂ ਇਕ ਪਿੰਡ ਇਕ ਗੁਰਦੁਆਰਾ ਸਿਧਾਂਤ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਐੱਸਜੀਪੀਸੀ ਵੱਲੋਂ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਬੀਬੀ ਜਗੀਰ ਕੌਰ ਨੇ ਚੋਣਾਂ ਜਿੱਤਣ ਲਈ ਗੁਟਕੇ ਦੀ ਝੂਠੀ ਸਹੁੰ ਚੁੱਕਣ ਵਾਲੇ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਤੋਂ ਇਨਸਾਫ਼ ਅਤੇ ਵਿਕਾਸ ਦੀ ਉਮੀਦ ਨਹੀਂ ਰੱਖਣੀ ਚਾਹੀਦੀ। ਪੰਜਾਬ ਵਿੱਚ ਪਹਿਲਾਂ ਨਾਲੋਂ ਕਈ ਗੁਣਾ ਵੱਧ ਨਸ਼ਾ ਵਿਕ ਰਿਹਾ ਹੈ ਅਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਤੇ ਪੰਥਕ ਆਗੂ ਭਾਈ ਹਰਦੀਪ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਅਜਮੇਰ ਸਿੰਘ ਖੇੜਾ (ਸਾਰੇ ਐਸਜੀਪੀਸੀ ਮੈਂਬਰ), ਬੀਬੀ ਹਰਜਿੰਦਰ ਕੌਰ, ਐੱਸਜੀਪਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟਿਵਾਣਾ, ਅਵਤਾਰ ਸਿੰਘ ਸਾਂਪਲਾ, ਗੁਰਸੇਵ ਸਿੰਘ ਹਰਪਾਲਪੁਰ, ਪ੍ਰਚਾਰਕ ਭਾਈ ਜਤਿੰਦਰ ਸਿੰਘ ਤੇ ਭਾਈ ਰਾਜਪਾਲ ਸਿੰਘ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਬੱਬਰਾ, ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਹਰਦੀਪ ਸਿੰਘ ਬਠਲਾਣਾ, ਪਰਮਜੀਤ ਸਿੰਘ ਕਾਹਲੋਂ, ਬੀਬੀ ਕਸ਼ਮੀਰ ਕੌਰ, ਰਜਿੰਦਰ ਸਿੰਘ ਮਾਨ, ਬਲਵਿੰਦਰ ਸਿੰਘ ਟੌਹੜਾ ਸਮੇਤ ਹੋਰ ਆਗੂ ਹਾਜ਼ਰ ਸਨ।

News Source link