ਨਵੀਂ ਦਿੱਲੀ, 1 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਬਾਰੇ ਮੰਗਲਵਾਰ ਸ਼ਾਮ ਨੂੰ ਹੋਣ ਵਾਲੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਸਰਕਾਰੀ ਸੂਤਰਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਸ੍ਰੀ ਮੋਦੀ ਨੂੰ ਬੋਰਡ ਪ੍ਰੀਖਿਆਵਾਂ ਬਾਰੇ ਸਾਰੇ ਰਾਜਾਂ ਤੇ ਹੋਰਨਾਂ ਸਬੰਧਤ ਭਾਈਵਾਲਾਂ ਨਾਲ ਹੋਈ ਵਿਆਪਕ ਚਰਚਾ ਮਗਰੋਂ ਬਣੇ ਸਾਰੇ ਸੰਭਾਵੀ ਬਦਲਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਚੇਤੇ ਰਹੇ ਕਿ ਸੀਬੀਐੱਸਈ ਨੇ ਕਰੋਨਾਵਾਇਰਸ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ 14 ਅਪਰੈਲ ਨੂੰ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਜਦੋਂਕਿ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਸੀ। ਕੇਂਦਰ ਸਰਕਾਰ ਨੇ ਲੰਘੇ ਦਿਨ ਸੁਪਰੀਮ ਕੋਰਟ ਵਿੱਚ ਪ੍ਰੀਖਿਆਵਾਂ ਨੂੰ ਰੱਦ ਕਰਨ ਨਾਲ ਸਬੰਧਤ ਪਟੀਸ਼ਨ ‘ਤੇ ਚੱਲ ਰਹੀ ਸੁਣਵਾਈ ਦੌਰਾਨ ਦਾਅਵਾ ਕੀਤਾ ਸੀ ਕਿ ਉਹ ਬੋਰਡ ਪ੍ਰੀਖਿਆਵਾਂ ਨੂੰ ਲੈਣ ਜਾਂ ਰੱਦ ਕਰਨ ਸਬੰਧੀ ਅੰਤਿਮ ਫੈਸਲਾ 3 ਜੂਨ ਤੱਕ ਲੈ ਲੲੇਗੀ। -ਪੀਟੀਆਈ

News Source link