ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 7 ਜੂਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਨੂੰ ਬੀਤੇ ਕੁਝ ਦਿਨਾਂ ਤੋਂ ਸੂਬੇ ਵਿੱਚ ਧਰਨਾ ਦੇਣ ਵਾਲੇ ਵਿਰੋਧੀ ਧਿਰ ਦੇ ਆਗੁੂਆਂ ਤੇ ਵਰਕਰਾਂ ਖਿਲਾਫ਼ ਆਫ਼ਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕਰਨ ਦੀ ਹਦਾਇਤ ਕੀਤੀ ਹੈ। ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਇਸ ਕਾਰਵਾਈ ਨੂੰ ਗੈਰ ਜ਼ਿੰਮੇਵਾਰਾਨਾ ਅਤੇ ਕਰੋਨਾ ਮਹਾਮਾਰੀ ਨੂੰ ਵਧਣੋਂ ਰੋਕਣ ਲਈ ਲਾਈਆਂ ਸਖ਼ਤ ਪਾਬੰਦੀਆਂ ਦੀ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਇਨ੍ਹਾਂ ਆਗੂਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਹੈ ਕਿ ਅਜਿਹੇ ਸਮੇਂ ਜਦੋਂ ਲੋਕ ਵਿਆਹ ਅਤੇ ਸਸਕਾਰ ਲਈ ਇਕੱਠੇ ਨਹੀਂ ਹੋ ਰਹੇ, ਇਨ੍ਹਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬੀਆਂ ਦੀ ਸਿਹਤ ਅਤੇ ਸੁਰੱਖਿਆ ਦਾ ਫਿਕਰ ਕੀਤੇ ਬਿਨਾਂ ਲਾਪ੍ਰਵਾਈ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਰਵੱਈਆ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਾਲੇ ਰਾਜਨੀਤਕ ਖੇਡ ਖੇਡਣ ਅਤੇ ਗੰਦੀ ਸਿਆਸਤ ਵਿੱਚ ਸ਼ਾਮਲ ਹੋਣ ਦਾ ਨਹੀਂ, ਸਗੋਂ ਇਸ ਮਹਾਮਾਰੀ ਦੇ ਖਾਤਮੇ ਲਈ ਮਿਲ ਕੇ ਕੰਮ ਕਰਨ ਦਾ ਸਮਾਂ ਹੈ।

News Source link