ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਵਿੱਚ ਕਰੋਨਾ ਦੇ ਡੈਲਟਾ ਪਲੱਸ ਕੇਸ ਸਾਹਮਣੇ ਆਉਣ ‘ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਜੁਲਾਈ ਤੱਕ ਕੋਵਿਡ ਪਾਬੰਦੀਆਂ ਵਧਾ ਦਿੱਤੀਆਂ ਹਨ। ਇਸੇ ਦੌਰਾਨ ਇਨ੍ਹਾਂ ਪਾਬੰਦੀਆਂ ਵਿੱਚ ਕੁਝ ਰਾਹਤਾਂ ਵੀ ਦਿੱਤੀਆਂ ਗਈਆਂ ਹਨ ਜਿਨ੍ਹਾਂ ਵਿੱਚ ਬਾਰਜ਼, ਪੱਬ ਅਤੇ ਅਹਾਤਿਆਂ ਨੂੰ 50 ਫੀਸਦ ਦੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਰਾਹਤ ਪਹਿਲੀ ਜੁਲਾਈ ਤੋਂ ਲਾਗੂ ਹੋਵੇਗੀ। ਇਸੇ ਤਰ੍ਹਾਂ ਹੁਨਰ ਵਿਕਾਸ ਕੇਂਦਰ ਅਤੇ ਯੂਨੀਵਰਸਿਟੀਆਂ ਨੂੰ ਵੀ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਬਸ਼ਰਤੇ ਕਿ ਸਟਾਫ ਅਤੇ ਵਿਦਿਆਰਥੀਆਂ ਨੇ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਜ਼ਰੂਰ ਲਈ ਹੋਵੇ। ਇਨ੍ਹਾਂ ਰਾਹਤਾਂ ਸਬੰਧੀ ਉਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਰ, ਪੱਬ ਅਤੇ ਅਹਾਤਿਆਂ ਵਿੱਚ ਸਮਾਜਿਕ ਦੂਰੀ ਨਿਯਮ ਦੀ ਪਾਲਣਾ ਹੋਣੀ ਜ਼ਰੂਰੀ ਹੈ ਤੇ ਵੇਟਰਾਂ ਤੇ ਹੋਰ ਸਟਾਫ ਨੇ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਜ਼ਰੂਰ ਲਈ ਹੋਵੇ। ਪੰਜਾਬ ਵਿੱਚ ਕੋਵਿਡ ਕੇਸਾਂ ਦੀ ਗਿਣਤੀ ਇਕ ਫੀਸਦ ਤੋਂ ਹੇਠਾਂ ਆਉਣ ‘ਤੇ ਤਸੱਲੀ ਪ੍ਰਗਟਾਉਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਅਜੇ ਵੀ ਕੋਵਿਡ ਦੀ ਪਾਜ਼ੇਟਿਵ ਦਰ ਇਕ ਫੀਸਦ ਤੋਂ ਉਪਰ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪਟਿਆਲਾ ਤੇ ਲੁਧਿਆਣਾ ਵਿੱਚ ਡੈਲਟਾ ਪਲੱਸ ਦੇ ਇਕ-ਇਕ ਕੇਸ ਸਾਹਮਣੇ ਆਏ ਹਨ। ਕਰੋਨਾ ਦੀ ਤੀਜੀ ਸੰਭਾਵੀ ਲਹਿਰ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਰੋਨਾ ਟੈਸਟਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਮੀਟਿੰਗ ਦੌਰਾਨ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਡੈਲਟਾ ਪਲੱਸ ਕੇਸਾਂ ਵਾਲੇ ਬਾਹਰਲੇ ਦੇਸ਼ਾਂ ਤੋਂ ਪੰਜਾਬ ਵਿੱਚ ਆਉਣ ਵਾਲੇ ਲੋਕਾਂ ‘ਤੇ ਨਜ਼ਰ ਰੱਖੀ ਜਾਵੇ। ਮੀਟਿੰਗ ਵਿੱਚ ਮੁੱਖ ਸਕੱਤਰ ਵਿੰਨੀ ਮਹਾਜਨ ਵੀ ਹਾਜ਼ਰ ਸਨ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਬਲੈਕ ਫੰਗਸ ਕਾਰਨ ਹਾਈਆਂ 51 ਮੌਤਾਂ ‘ਤੇ ਦੁੱਖ ਜਤਾਇਆ।

News Source link