ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 23 ਜੁਲਾਈ

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਨੂੰ ਖ਼ਤਮ ਕਰਾਉਣ ਵੇਲੇ ਕੀਤੇ ਵਾਅਦਿਆਂ ਤੋਂ ਭੱਜਣ ਦੇ ਦੋਸ਼ ਹੇਠ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਅਤੇ ਤਿੰਨ ਵਿਧਾਇਕਾਂ ਨੂੰ ਸਪੱਸ਼ਟੀਕਰਨ ਦੇਣ ਲਈ 2 ਅਗਸਤ ਨੂੰ ਅਕਾਲ ਤਖ਼਼ਤ ‘ਤੇ ਤਲਬ ਕੀਤਾ ਹੈ। ਅੱਜ ਇਥੇ ਅਕਾਲ ਤਖ਼ਤ ‘ਤੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਦੇ ਨੇੜੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਰਕਾਰ ਵੱਲੋਂ ਵਾਅਦਾ ਖਿਲਾਫੀ ਕੀਤੀ ਗਈ ਹੈ, ਜਿਸ ਨਾਲ ਪੰਥਕ ਸਿਧਾਂਤਾਂ, ਬਰਗਾੜੀ ਮੋਰਚੇ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਇਸ ਸਬੰਧ ਵਿੱਚ ਸਪੱਸ਼ਟੀਕਰਨ ਦੇਣ ਲਈ ਪੰਜਾਬ ਸਰਕਾਰ ਦੇ ਦੋ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਤਿੰਨ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਦੋ ਅਗਸਤ ਨੂੰ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਸ ਪੰਜ ਮੈਂਬਰੀ ਟੀਮ ਨੇ ਬਰਗਾੜੀ ਵਿਖੇ ਆ ਕੇ ਮੋਰਚੇ ਨੂੰ ਇਹ ਭਰੋਸਾ ਦਿੱਤਾ ਸੀ ਕਿ ਮੋਰਚੇ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਗਿਆ ਹੈ।

ਇਹ ਭਰੋਸਾ ਸਿੱਖ ਸੰਗਤ ਦੀ ਹਾਜ਼ਰੀ ਵਿੱਚ ਅਤੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਦਿੱਤਾ ਗਿਆ ਸੀ। ਇਹ ਆਦੇਸ਼ ਜਾਰੀ ਕਰਨ ਸਮੇਂ ਉਨ੍ਹਾਂ ਦੇ ਨਾਲ ਪੰਜ ਪਿਆਰਿਆਂ ਵਜੋਂ ਬਾਬਾ ਨਛੱਤਰ ਸਿੰਘ, ਗੁਰਭੇਜ ਸਿੰਘ, ਭਾਈ ਗੁਰਵਿੰਦਰ ਸਿੰਘ,ਭਾਈ ਗੁਰਜਤਿੰਦਰ ਸਿੰਘ ਹਾਜ਼ਰ ਸਨ।

News Source link