ਦਰਸ਼ਨ ਸਿੰਘ ਸੋਢੀ

ਮੁਹਾਲੀ, 10 ਅਗਸਤ

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਅੱਜ ਇਥੇ ਜਲ ਸਪਲਾਈ ਵਿਭਾਗ ਦੇ ਮੁਖੀ (ਐੱਚਓਡੀ) ਦਫ਼ਤਰ ਦੇ ਬਾਹਰ ਸੂਬਾ ਪੱਧਰੀ ਦਿੱਤਾ ਗਿਆ, ਜਿਸ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਠੇਕਾ ਵਰਕਰਾਂ ਨੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਨਾਲ ਬਸੰਤੀ ਰੰਗ ਵਿੱਚ ਸੱਜ ਕੇ ਸ਼ਮੂਲੀਅਤ ਕੀਤੀ। ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਨੇ ਠੇਕਾ ਵਰਕਰ ਪਿਛਲੇ ਡੇਢ ਦਹਾਕੇ ਤੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਨਿਗੂਣੀਆਂ ਤਨਖ਼ਾਹਾਂ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਮੂਹ ਕੰਟਰੈਕਟ ਵਰਕਰਾਂ ਨੂੰ ਵਿਭਾਗ ਅਧੀਨ ਲੈ ਕੇ ਰੈਗੂਲਰ ਕੀਤਾ ਜਾਵੇ। ਅੱਜ ਇੱਥੇ ਜਲ ਸਪਲਾਈ ਵਰਕਰ ਆਪਣੇ ਪਰਿਵਾਰਾਂ ਸਮੇਤ ਧਰਨਾ ਦੇਣ ਮੌਕੇ ਐਲਾਨ ਕੀਤਾ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਦੇ ਮੌਕੇ ਨਵੇਂ ਬਣੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸਰਕਾਰੀ ਸਮਾਗਮ ਵਿੱਚ ਪਹੁੰਚਣ ‘ਤੇ ਜਲ ਸਪਲਾਈ ਮੰਤਰੀ ਰਜੀਆ ਸੁਲਤਾਨਾ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਜਲ ਸਪਲਾਈ ਠੇਕਾ ਵਰਕਰਾਂ ਨੂੰ ਵਿਭਾਗ ਵਿੱਚ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮੁੱਖ ਮੰਤਰੀ ਸਮੇਤ ਸਮੂਹ ਕੈਬਨਿਟ ਮੰਤਰੀਆਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਪ੍ਰਦਰਸ਼ਨ ਜਾਰੀ ਰਹੇਗਾ।

ਇਸ ਮੌਕੇ ਸੌਰਵ ਕਿੰਗਰ, ਸੰਦੀਪ ਖਾਂ ਬਠਿੰਡਾ, ਪ੍ਰਦੂਮਣ ਸਿੰਘ, ਭੁਪਿੰਦਰ ਸਿੰਘ ਕੁਤਬੇਵਾਲ, ਕੁਲਵਿੰਦਰ ਸਿੰਘ ਮੁਹਾਲੀ, ਸਤਨਾਮ ਸਿੰਘ ਫਲੀਆਂਵਾਲਾ, ਹਾਕਮ ਸਿੰਘ ਧਨੇਠਾ, ਗੁਰਬਿੰਦਰ ਬਾਠ, ਤਜਿੰਦਰ ਸਿੰਘ ਮਾਨ, ਜਸਪ੍ਰੀਤ ਸਿੰਘ ਰੂਪਨਗਰ, ਰੁਪਿੰਦਰ ਸਿੰਘ ਫਿਰੋਜ਼ਪੁਰ, ਮਨਪ੍ਰੀਤ ਸੰਗਰੂਰ, ਉਪਕਾਰ ਟਾਂਡਾ, ਸੁਰੇਸ਼ ਕੁਮਾਰ ਮੁਹਾਲੀ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਬਲਿਹਾਰ ਸਿੰਘ ਕਟਾਰੀਆ ਸਮੇਤ ਹੋਰ ਠੇਕਾ ਮੁਲਾਜ਼ਮ ਹਾਜ਼ਰ ਸਨ।

News Source link