ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 19 ਅਗਸਤ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਵਿਜੀਲੈਂਸ ਵੱਲੋਂ ਉਸ ਨੂੰ ਲੰਘੀ ਰਾਤ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਸੀ, ਜਦੋਂਕਿ ਉਹ ਹਾਈ ਕੋਰਟ ਦੇ ਹੁਕਮਾਂ ‘ਤੇ ਉਸ ਦੇ ਖ਼ਿਲਾਫ਼ ਦਰਜ ਆਮਦਨ ਤੋਂ ਵੱਧ ਜਾਇਦਾਦ ਜੁਟਾਉਣ ਦੇ ਤਾਜ਼ਾ ਮਾਮਲੇ ਸਬੰਧੀ ਪੜਤਾਲ ਵਿੱਚ ਸ਼ਾਮਲ ਹੋਣ ਆਇਆ ਸੀ। ਇਸ ਮਾਮਲੇ ਵਿੱਚ ਪਿਛਲੇ ਦਿਨੀਂ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਦਿੰਦੇ ਹੋਏ ਸੈਣੀ ਨੂੰ ਹਫ਼ਤੇ ਦੇ ਅੰਦਰ-ਅੰਦਰ ਵਿਜੀਲੈਂਸ ਕੋਲ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਸੀ। ਲੰਮੀ ਪੁੱਛਗਿੱਛ ਤੋਂ ਬਾਅਦ ਜਦੋਂ ਸੈਣੀ ਨੇ ਵਿਜੀਲੈਂਸ ਨੂੰ ਕੋਈ ਹੱਥ ਪੱਲਾ ਨਹੀਂ ਫੜਾਇਆ ਤਾਂ ਦੇਰ ਰਾਤ ਉਸ ਨੂੰ ਡਬਲਿਊ.ਡਬਲਿਊ.ਆਈ.ਸੀ.ਐੱਸ ਦੇ ਡਾਇਰੈਕਟਰ ਦਵਿੰਦਰ ਸੰਧੂ ਖ਼ਿਲਾਫ਼ ਦਰਜ ਰੀਅਲ ਅਸਟੇਟ ਨਾਲ ਜੁੜੇ ਪੁਰਾਣੇ ਅਪਰਾਧਿਕ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ। ਜਦੋਂਕਿ ਇਸ ਤੋਂ ਪਹਿਲਾਂ ਉਹ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਕਿਸੇ ਨਾ ਕਿਸੇ ਤਰ੍ਹਾਂ ਗ੍ਰਿਫ਼ਤਾਰੀ ਤੋਂ ਬਚਦੇ ਆ ਰਹੇ ਸਨ। ਇਹ ਵੀ ਪਤਾ ਲੱਗਾ ਹੈ ਕਿ ਵਿਜੀਲੈਂਸ ਦੀ ਇਕ ਟੀਮ ਨੇ ਸ਼ਿਵਾਲਿਕ ਦੀਆਂ ਪਹਾੜੀਆਂ ਅਤੇ ਸਿਸਵਾਂ ਇਲਾਕੇ ਵਿੱਚ ਜਾ ਕੇ ਦੋ ਕਲੋਨੀਆਂ ਦੀ ਛਾਣਬੀਣ ਕੀਤੀ ਹੈ।ਵਿਜੀਲੈਂਸ ਅਧਿਕਾਰੀਆਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸੈਣੀ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਮੁਲਜ਼ਮ ਕੋਲੋਂ ਅਪਰਾਧਿਕ ਮਾਮਲੇ ਦੇ ਵੱਖ-ਵੱਖ ਪਹਿਲੂਆਂ ਬਾਰੇ ਪੁੱਛਗਿੱਛ ਕਰਨੀ ਹੈ। ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਪੁਲੀਸ ਰਿਮਾਂਡ ਦੀ ਮੰਗ ਦਾ ਵਿਰੋਧ ਕਰਦਿਆਂ ਵਿਜੀਲੈਂਸ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਅਤੇ ਝੂਠ ਦਾ ਪੁਲੰਦਾ ਦੱਸਿਆ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਸੁਮੇਧ ਸੈਣੀ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਹਾਈ ਕੋਰਟ ਵਿੱਚ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।

ਲਿਹਾਜ਼ਾ ਜਦੋਂ ਤੱਕ ਹਾਈ ਕੋਰਟ ਇਨ੍ਹਾਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਨਹੀਂ ਸੁਣਾ ਦਿੰਦੀ ਉਦੋਂ ਤੱਕ ਹੇਠਲੀ ਅਦਾਲਤ ਵਿੱਚ ਸੁਣਵਾਈ ਮੁਲਤਵੀ ਕੀਤੀ ਜਾਵੇ। ਸੈਣੀ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਤਕਨੀਕੀ ਮਾਹਰਾਂ ਦੀ ਟੀਮ ਤੋਂ ਅਪਰਾਧਿਕ ਮਾਮਲੇ ਦੀ ਜਾਂਚ ਕਰਵਾਈ ਜਾਵੇ ਤਾਂ ਜੋ ਪੰਜਾਬ ਪੁਲੀਸ ਅਤੇ ਵਿਜੀਲੈਂਸ ਦਾ ਝੂਠ ਨੂੰ ਬੇਪਰਦਾ ਕੀਤਾ ਜਾ ਸਕੇ। ਇਹ ਵੀ ਪਤਾ ਲੱਗਾ ਹੈ ਕਿ ਸਾਬਕਾ ਡੀਜੀਪੀ ਦੀ ਪਤਨੀ ਸ੍ਰੀਮਤੀ ਸੋਭਾ ਸੈਣੀ ਨੇ ਵੀ ਹਾਈ ਕੋਰਟ ਦਾ ਬੂਹਾ ਖੜਕਾਇਆ ਹੈ। ਉਨ੍ਹਾਂ ਉੱਚ ਅਦਾਲਤ ਨੂੰ ਦੱਸਿਆ ਕਿ ਬੁੱਧਵਾਰ ਨੂੰ ਰਾਤੀ ਕਰੀਬ ਸਵਾ ਅੱਠ ਵਜੇ ਉਸ ਦਾ ਪਤੀ ਜਾਂਚ ਵਿੱਚ ਸ਼ਾਮਲ ਹੋਣ ਲਈ ਮੁਹਾਲੀ ਸਥਿਤ ਵਿਜੀਲੈਂਸ ਦੇ ਮੁੱਖ ਦਫ਼ਤਰ ਵਿੱਚ ਗਏ ਸੀ। ਜਿੱਥੇ ਉਸ ਨੂੰ ਕਥਿਤ ਤੌਰ ‘ਤੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਦੇਰ ਰਾਤ ਗ੍ਰਿਫ਼ਤਾਰੀ ਪਾ ਲਈ, ਜੋ ਸਰਾਸਰ ਗਲਤ ਅਤੇ ਲੋਕਤੰਤਰ ਦੇ ਖ਼ਿਲਾਫ਼ ਹੈ।

News Source link