ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 24 ਅਗਸਤ

ਪੰਜਾਬ ਸਰਕਾਰ ਵੱਲੋਂ ਗੰਨੇ ਦੀ ਕੀਮਤ ਵਿੱਚ 35 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦੇ ਐਲਾਨ ਮਗਰੋਂ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਵਾਪਸ ਲੈ ਲਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਵਾਧੇ ਨਾਲ ਗੰਨੇ ਦੀ ਪ੍ਰਤੀ ਕੁਇੰਟਲ ਕੀਮਤ 360 ਰੁਪਏ ਹੋ ਗਈ ਹੈ, ਜੋ ਗੁਆਂਢੀ ਸੂਬੇ ਹਰਿਆਣਾ ਤੋਂ ਦੋ ਰੁਪਏ ਵੱਧ ਹੈ। ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਆਇਆ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਪੰਜਾਬ ਸਰਕਾਰ ਵੱਲੋਂ ਗੰਨੇ ਦਾ ਦਿੱਤਾ ਜਾ ਰਿਹਾ ਭਾਅ ਗੁਆਂਢੀ ਸੂਬੇ ਹਰਿਆਣਾ ਤੋਂ ਦੋ ਰੁਪਏ ਵੱਧ ਹੈ। ਕਿਸਾਨ ਯੂਨੀਅਨਾਂ ਦੇ ਆਗੂ ਗੰਨੇ ਦਾ ਭਾਅ ਹਰਿਆਣਾ ਦੇ ਬਰਾਬਰ ਨਾ ਮਿਲਣ ਤੋਂ ਨਾਰਾਜ਼ ਸਨ। ਪੰਜਾਬ ਸਰਕਾਰ ਵੱਲੋਂ 15 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਕਿਸਾਨਾਂ ਨੇ ਰੱਦ ਕਰ ਦਿੱਤਾ ਸੀ। ਉਹ ਇਸ ਦੀ ਕੀਮਤ 400 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਗੰਨੇ ਦਾ ਪਿਛਲਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਸਨ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜਲੰਧਰ ਜ਼ਿਲ੍ਹੇ ਦੇ ਧੰਨੋਵਾਲੀ ਪਿੰਡ ਨੇੜੇ ਜਲੰਧਰ-ਫਗਵਾੜਾ ਕੌਮੀ ਮਾਰਗ ਨੂੰ ਜਾਮ ਕਰਨ ਦੇ ਨਾਲ ਨਾਲ ਜਲੰਧਰ ਨੇੜੇ ਰੇਲਵੇ ਪੱਟੜੀਆਂ ਵੀ ਰੋਕੀਆਂ ਹੋਈਆਂ ਸਨ, ਜਿਸ ਕਾਰਨ ਕਈ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਸਨ।

News Source link