ਦਰਸ਼ਨ ਸਿੰਘ ਸੋਢੀ
ਮੁਹਾਲੀ, 24 ਅਗਸਤ

ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਪੰਜਾਬ ਦੇ ਮੁੱਖ ਗੇਟ ਦੇ ਬਾਹਰ ਬੀਤੀ 17 ਜੂਨ ਤੋਂ ਲੜੀਵਾਰ ਧਰਨੇ ‘ਤੇ ਬੈਠੇ ਗਏ ਰਿਵਾਈਜ਼ ਟੈੱਟ-2011 ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਸੂਬਾ ਕਨਵੀਨਰ ਇੰਦਰਪਾਲ ਕੌਰ ਦੀ ਅਗਵਾਈ ਹੇਠ ਆਪਣੇ ਮੂੰਹ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਖ਼ਿਲਾਫ਼ ਮੁਜ਼ਾਹਰਾ ਕੀਤਾ। ਬੇਰੁਜ਼ਗਾਰ ਅਧਿਆਪਕਾਂ ਨੇ ਆਪਣੇ ਗਲਾਂ ਵਿੱਚ ਖਾਲੀ ਪੀਪੇ ਪਾ ਕੇ ਅਤੇ ਉਨ੍ਹਾਂ ਉੱਤੇ ਸਰਕਾਰ ਵਿਰੋਧੀ ਨਾਅਰੇ ਲਿਖ ਕੇ ਸ਼ਹਿਰ ਦੀਆਂ ਸੜਕਾਂ ‘ਤੇ ਪੈਦਲ ਰੋਸ ਮਾਰਚ ਕੀਤਾ। ਬੀਬੀ ਇੰਦਰਪਾਲ ਕੌਰ ਅਤੇ ਅਮਰਪ੍ਰੀਤ ਕੌਰ ਨੇ ਕਿਹਾ ਕਿ ਰਿਵਾਈਜ਼ ਪੀਐਸ ਟੈੱਟ 2011 ਮੈਰਿਟ ਹੋਲਡਰ 3442 ਅਤੇ 5178 ਯੂਨੀਅਨ ਵੱਲੋਂ ਪਿਛਲੇ ਢਾਈ ਮਹੀਨਿਆਂ ਤੋਂ ਸਿੱਖਿਆ ਭਵਨ ਦੇ ਸਾਹਮਣੇ ਪੱਕਾ ਮੋਰਚਾ ਲਗਾ ਕੇ ਧਰਨਾ ਦਿੱਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਅਤੇ ਸਿੱਖਿਆ ਅਧਿਕਾਰੀਆਂ ਦੇ ਕੰਨ ‘ਤੇ ਜੂੰ ਤੱਕ ਨਹੀਂ ਸਰਕੀ। ਵੱਖ-ਵੱਖ ਆਗੂਆਂ ਨੇ ਮੰਗ ਕੀਤੀ ਕਿ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਤੁਰੰਤ ਨੌਕਰੀਆਂ ਦਿੱਤੀਆਂ ਜਾਣ। ਇਸ ਮੌਕੇ ਗੁਰਪਿੰਦਰ ਸਿੰਘ, ਸੁਖਜਿੰਦਰ ਸਿੰਘ, ਪ੍ਰਿਤਪਾਲ ਕੌਰ, ਹਰਪ੍ਰੀਤ ਕੌਰ ਅਤੇ ਹੋਰ ਮੌਜੂਦ ਸਨ।

News Source link