ਦਰਸ਼ਨ ਸਿੰਘ ਸੋਢੀ

ਮੁਹਾਲੀ, 25 ਅਗਸਤ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬੱਚਿਆਂ ਦੇ ਪੇਟ ਦੇ ਕੀੜਿਆਂ ਦੇ ਖ਼ਾਤਮੇ ਲਈ ਇਥੋਂ ਨੇੜਲੇ ਪਿੰਡ ਬਾਕਰਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਅੱਜ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸ੍ਰੀ ਸਿੱਧੂ ਨੇ ਦੱਸਿਆ ਕਿ ਮੁਹਿੰਮ ਤਹਿਤ 1 ਤੋਂ 19 ਸਾਲ ਦੀ ਉਮਰ ਦੇ ਬੱਚਿਆਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਈਆਂ ਜਾਣਗੀਆਂ, ਜਿਹੜੀਆਂ ਬਿਲਕੁਲ ਮੁਫ਼ਤ ਦਿਤੀਆਂ ਜਾਣਗੀਆਂ। ਜਿਹੜੇ ਬੱਚੇ ਅੱਜ 25 ਅਗਸਤ ਨੂੰ ਗੋਲੀ ਖਾਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਲਈ 1 ਸਤੰਬਰ ਨੂੰ ਵੀ ‘ਮੌਪ ਅੱਪ ਡੇਅ’ ਤਹਿਤ ਇਹ ਮੁਹਿੰਮ ਚੱਲੇਗੀ। ਇਹ ਗੋਲੀ ਸੂਬਾ ਭਰ ਵਿਚ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਸਿਹਤ ਕਾਮਿਆਂ ਦੁਆਰਾ ਦਿੱਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਪੇਟ ਦੇ ਕੀੜਿਆਂ ਕਾਰਨ ਬੱਚੇ ਦਾ ਵਿਕਾਸ ਚੰਗੀ ਤਰ੍ਹਾਂ ਨਹੀਂ ਹੁੰਦਾ ਅਤੇ ਉਨ੍ਹਾਂ ਅੰਦਰ ਖ਼ੂਨ ਦੀ ਕਮੀ ਆ ਜਾਂਦੀ ਹੈ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਡਾਇਰੈਕਟਰ ਡਾ. ਜੀਬੀ ਸਿੰਘ, ਡਾ. ਅੰਦੇਸ਼ ਕੰਗ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਸਹਾਇਕ ਡਾਇਰੈਕਟਰ ਡਾ. ਸੁਖਦੀਪ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਐੱਸਐੱਮਓ ਡਾ. ਸੁਰਿੰਦਰ ਕੌਰ, ਡਾ. ਅਨਿਲ ਵਸ਼ਿਸ਼ਟ, ਹੈੱਲਥ ਐਜੂਕੇਟਰ ਸਨਿਗਦਾ ਅਤੇ ਹੋਰ ਸਟਾਫ਼ ਮੌਜੂਦ ਸੀ।

News Source link