ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 26 ਅਗਸਤ

ਪੰਜਾਬ ਦੇ ਜਿਨ੍ਹਾਂ ਖਿਡਾਰੀਆਂ ਨੇ ਟੋਕੀਓ ਓਲੰਪਿਕ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤੇ ਹਨ, ਉਨ੍ਹਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਾਅਦੇ ਨਿਭਾਉਣ ਲਈ ਇਨ੍ਹਾਂ ਖਿਡਾਰੀਆਂ ਨੂੰ ਵਿਸ਼ੇਸ਼ ਰੁਜ਼ਗਾਰ ਦੇਣ ਵਾਸਤੇ ਪੰਜਾਬ ਦੀ ਕੈਬਿਨਟ ਨੇ ਸਬੰਧਤ ਨਿਯਮਾਂ ਵਿੱਚ ਸੋਧਾਂ ਕਰਨ ਦਾ ਫੈਸਲਾ ਕੀਤਾ ਹੈ। ਜਿਨ੍ਹਾਂ ਖਿਡਾਰੀਆਂ ਨੇ ਓਲੰਪਿਕਸ, ਏਸ਼ੀਅਨ ਖੇਡਾਂ ਤੇ ਰਾਸ਼ਟਰਮੰਡਲ ਖੇਡਾਂ ਸਣੇ ਵਿਸ਼ਵ ਕੱਪ ਟੂਰਨਾਮੈਂਟਾਂ ਵਿੱਚ ਵਧੀਆ ਪ੍ਰਦਰਸ਼ਨ ਕੀਤੇ ਹਨ, ਉਨ੍ਹਾਂ ਨੂੰ ਖੇਡਾਂ ਦੇ ਕੋਟੇ ਤਹਿਤ ਵੱਖ ਵੱਖ ਵਿਭਾਗਾਂ ਵਿੱਚ ਨਿਯੁਕਤ ਕੀਤਾ ਜਾਵੇਗਾ। ਇਸ ਸਬੰਧ ਵਿੱਚ ਪੰਜਾਬ ਰਿਕਰੂਟਮੇੈਂਟ ਆਫ ਸਪੋਰਟਸਮੈੱਨ ਰੂਲਜ਼, 1988, ਦੇ ਰੂਲ ਨੰਬਰ 3 ਵਿੱਚ ਸੋਧ ਕਰ ਕੇ ਇਸ ਵਿੱਚ ਰੂਲ 3-ਏ ਜੋੜਿਆ ਜਾਵੇਗਾ। ਪੰਜਾਬ ਸਰਕਾਰ ਦੇ ਬੁਲਾਰੇ ਅਨੁਸਾਰ ਇਸ ਨਵੇਂ ਰੂਲ ਤਹਿਤ ਓਲੰਪਿਕ ਖੇਡਾਂ ਤੇ ਵਿਸ਼ਵ ਕੱਪ/ਕੌਮਾਂਤਰੀ ਖੇਡਾਂ ਦੇ ਚੈਂਪੀਅਨਸ਼ਿਪ ਮੈਚਾਂ ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸਟੇਟ ਸਿਵਲ ਸਰਵਿਸਿਜ਼ ਦੀਆਂ ਨਿਯੁਕਤੀਆਂ ਵਿੱਚ ਤਰਜ਼ੀਹ ਦਿੱਤੀ ਜਾਵੇਗੀ। ਇਸ ਸਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਿਨਟ ਨੂੰ ਨਿਯਮਾਂ ਵਿੱਚ ਸੋਧ ਕਰਨ ਲਈ ਹੱਕ ਦੇ ਦਿੱਤੇ ਹਨ। ਇਸੇ ਦੌਰਾਨ ਇਕ ਨਵੀਂ ਸਕੀਮ ‘ਮੇਰਾ ਕਾਮ, ਮੇਰਾ ਮਾਣ’ ਨੂੰ ਵੀ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਆਪਣੀ ਯੋਗਤਾ ਅਨੁਸਾਰ ਹੁਨਰ ਸਿੱਖ ਕੇ ਰੁਜ਼ਗਾਰ ਪ੍ਰਾਪਤ ਕਰਨ ਯੋਗ ਬਣ ਸਕਣ। ਇਸ ਯੋਜਨਾ ਨੂੰ ਮੌਜੂਦਾ ਵਿੱਤੀ ਵਰ੍ਹੇ ਵਿੱਚ ਹੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸੇ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਪੰਜਾਬ ਕੈਬਨਿਟ ਨੇ ਫੈਸਲਾ ਕੀਤਾ ਹੈ ਕਿ ਗ੍ਰਾਮ ਸੇਵਕਾਂ ਦੀ ਵਿਦਿਅਕ ਯੋਗਤਾ ਮੈਟ੍ਰਿਕ ਤੋਂ ਵਧਾ ਕੇ ਗਰੈਜੂਏਸ਼ਨ ਕੀਤੀ ਜਾਵੇ। ਇਸ ਸਬੰਧ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ (ਕਲਾਸ-3) ਦੇ ਸਰਵਿਸ ਨਿਯਮਾਂ 1988 ਵਿੱਚ ਸੋਧ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਨਾਲ ਸਟਾਫ ਸਲੈਕਸ਼ਨ ਬੋਰਡ ਵੱਲੋਂ ਚੁਣੇ ਗਏ 792 ਗ੍ਰਾਮ ਸੇਵਕਾਂ ਦੀ ਨਿਯੁਕਤੀ ਲਈ ਰਾਹ ਪੱਧਰਾ ਹੋ ਜਾਵੇਗਾ। ਅੱਜ ਦੀ ਕੈਬਿਨਟ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਕੀਤੀ।

News Source link