ਚੰਡੀਗੜ੍ਹ: ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਨਵਾਂ ਵਿਵਾਦ ਖੜ੍ਹਾ ਹੋਣ ਮਗਰੋਂ ਬਿਨਾਂ ਕਿਸੇ ਦੇਰੀ ਤੋਂ ਮੁਆਫ਼ੀ ਮੰਗ ਲਈ ਹੈ। ਬੀਤੇ ਕੱਲ ਰਾਵਤ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਚਾਰ ਕਾਰਜਕਾਰੀ ਪ੍ਰਧਾਨਾਂ ਲਈ ‘ਪੰਜ ਪਿਆਰੇ’ ਸ਼ਬਦ ਦੀ ਵਰਤੋਂ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਨੇ ਇਸ ਮਾਮਲੇ ਨੂੰ ਧਾਰਮਿਕ ਮਰਿਯਾਦਾ ਦੀ ਉਲੰਘਣਾ ਦੱਸ ਕੇ ਹਰੀਸ਼ ਰਾਵਤ ਨੂੰ ਨਿਸ਼ਾਨੇ ‘ਤੇ ਲਿਆ ਸੀ। ਸ੍ਰੀ ਰਾਵਤ ਨੇ ਅੱਜ ਕਿਹਾ,”ਮੈਂ ਇਤਿਹਾਸ ਦਾ ਵਿਦਿਆਰਥੀ ਰਿਹਾ ਹਾਂ ਅਤੇ ‘ਪੰਜ ਪਿਆਰਿਆਂ’ ਦੇ ਰੁਤਬੇ ਦੀ ਕਿਸੇ ਵੀ ਵਿਅਕਤੀ ਵਿਸ਼ੇਸ਼ ਨਾਲ ਤੁਲਨਾ ਨਹੀਂ ਹੋ ਸਕਦੀ ਹੈ। ਮੇਰਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ਅਤੇ ਅਣਜਾਣੇ ਵਿਚ ਇਹ ਭੁੱਲ ਹੋ ਗਈ ਹੈ।” ਉਨ੍ਹਾਂ ਕਿਹਾ ਕਿ ‘ਪੰਜ ਪਿਆਰੇ’ ਉੱਚ ਸਥਾਨ ਰੱਖਦੇ ਹਨ। ਰਾਵਤ ਨੇ ਕਿਹਾ ਕਿ ਉਨ੍ਹਾਂ ਉੱਤਰਾਖੰਡ ਵਿਚ ਸਿੱਖ ਭਾਈਚਾਰੇ ਨਾਲ ਜੁੜੇ ਧਾਰਮਿਕ ਸਥਾਨਾਂ ਲਈ ਬਹੁਤ ਕੰਮ ਕੀਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਰਾਵਤ ਨੇ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨਾਨਕਮੱਤਾ ਸਾਹਿਬ ਅਤੇ ਰੀਠਾ ਸਾਹਿਬ ਗੁਰਦੁਆਰਿਆਂ ਨੂੰ ਸੜਕੀ ਰਸਤੇ ਨਾਲ ਜੋੜਿਆ ਸੀ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਵੀ ਕੰਮ ਕੀਤੇ ਸਨ। ਉਨ੍ਹਾਂ ਕਿਹਾ ਕਿ ਉਹ ਉੱਤਰਾਖੰਡ ਦੇ ਕਿਸੇ ਗੁਰਦੁਆਰਾ ਸਾਹਿਬ ਵਿਚ ਝਾੜੂ ਲਗਾ ਕੇ ਹੋਈ ਭੁੱਲ ਦਾ ਪਸ਼ਚਾਤਾਪ ਵੀ ਕਰਨਗੇ। ਉਨ੍ਹਾਂ ਦੇ ਮਨ ਵਿਚ ਸਿੱਖ ਧਰਮ ਪ੍ਰਤੀ ਬਹੁਤ ਸਤਿਕਾਰ ਹੈ।

News Source link