ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 6 ਅਕਤੂਬਰ

ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਸਾਨ ਸੰਘਰਸ਼ ਦੇ ਹੱਕ ਵਿਚ ਦੇਸ਼ ਦੀਆਂ ਸਮੂਹ ਰਾਜਸੀ ਧਿਰਾਂ ਨੂੰ ਇੱਕ ਐਕਸ਼ਨ ਪਲਾਨ ਬਣਾ ਕੇ ਕੇਂਦਰ ਸਰਕਾਰ ਦਾ ਮੁਕਾਬਲਾ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦੀ ਘਟਨਾ ਨੇ ਸਾਬਿਤ ਕਰ ਦਿੱਤਾ ਹੈ ਕਿ ਭਾਜਪਾ ‘ਤੇ ਸੱਤਾ ਦਾ ਹੰਕਾਰ ਸਿਰ ਚੜ੍ਹ ਕੇ ਬੋਲ ਰਿਹਾ ਹੈ। ਅਜਿਹੇ ਹਾਲਾਤ ਵਿਚ ਦੇਸ਼ ਦੀਆਂ ਰਾਜਸੀ ਪਾਰਟੀਆਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਹੱਕ ਵਿਚ ਨਿੱਤਰਨਾ ਚਾਹੀਦਾ ਹੈ। ਇੱਥੇ ਜਾਰੀ ਇੱਕ ਬਿਆਨ ਵਿਚ ਸ੍ਰੀ ਢੀਂਡਸਾ ਨੇ ਕਿਹਾ ਕਿ ਕਿਸਾਨ ਸ਼ੁਰੂ ਤੋਂ ਹੀ ਖੇਤੀ ਮਾਰੂ ਕਾਲੇ ਕਾਨੂੰਨਾਂ ਖ਼ਿਲਾਫ਼ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਹਨ ਅਤੇ ਭਾਜਪਾ ਦੀਆਂ ਉਕਸਾਉਣ ਦੀਆਂ ਘਟਨਾਵਾਂ ਦੇ ਬਾਵਜੂਦ ਕਿਸਾਨ ਪੂਰਾ ਸੰਜਮ ਵਰਤ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਲਖੀਰਪੁਰ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਕੇਂਦਰ ਸਰਕਾਰ ਤਾਨਾਸ਼ਾਹੀ ਦਾ ਰਾਹ ਛੱਡ ਕੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ ਅਤੇ ਫਸਲਾਂ ਉੱਤੇ ਐੱਮਐੱਸਪੀ ਦੀ ਗਰੰਟੀ ਦੇਵੇ।

News Source link