ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਨੌਕਰੀਆਂ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ ‘ਤੇ ਲੈਂਦਿਆਂ ਦਾਅਵਾ ਕੀਤਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 30 ਲੱਖ ਤੋਂ ਵੱਧ ਅਸਾਮੀਆਂ ਖਾਲੀ ਹਨ ਪਰ ਪ੍ਰਧਾਨ ਮੰਤਰੀ ਨੇ ਸਿਰਫ਼ 75,000 ਨਿਯੁਕਤੀ ਪੱਤਰ ਹੀ ਵੰਡੇ ਹਨ। ਉਨ੍ਹਾਂ ਦਾ ਇਹ ਬਿਆਨ ਇੱਕ ਮੀਡੀਆ ਰਿਪੋਰਟ ਵਿੱਚ ਕੀਤੇ ਗਏ ਦਾਅਵੇ ਮਗਰੋਂ ਆਇਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕੇਂਦਰੀ ਸਕੱਤਰੇਤ ਸੇਵਾਵਾਂ ਵਿੱਚ ਸਿਰਫ਼ 1600 ਅਸਾਮੀਆਂ ਖ਼ਾਲੀ ਰਹਿ ਗਈਆਂ ਹਨ। ਖੜਗੇ ਨੇ ਟਵੀਟ ਕਰਦਿਆਂ ਕਿਹਾ, ”ਪ੍ਰਧਾਨ ਮੰਤਰੀ ਮੋਦੀ ਨੇ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਅੱਠ ਸਾਲਾਂ ਦੌਰਾਨ 16 ਕਰੋੜ ਨੌਕਰੀਆਂ ਪੈਦਾ ਕੀਤੀਆਂ ਜਾਣੀਆਂ ਚਾਹੀਦੀਆਂ ਸਨ। ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 30 ਲੱਖ ਤੋਂ ਵੱਧ ਅਸਾਮੀਆਂ ਖ਼ਾਲੀ ਹਨ ਪਰ ਪ੍ਰਧਾਨ ਮੰਤਰੀ ਮੋਦੀ ਨੇ ਸਿਰਫ਼ 75000 ਨਿਯੁਕਤੀ ਪੱਤਰ ਹੀ ਵੰਡੇ ਹਨ।” ਉਨ੍ਹਾਂ ਸਵਾਲ ਕੀਤਾ ਕਿ ਕੇਂਦਰੀ ਸਕੱਤਰੇਤ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਅਧੀਨ ਸਿੱਧੇ ਤੌਰ ‘ਤੇ 1600 ਅਸਾਮੀਆਂ ਖ਼ਾਲੀ ਕਿਉਂ ਹਨ। ਪਿਛਲੇ ਮਹੀਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਰੁਜ਼ਗਾਰ ਮੇਲਾ’ ਸ਼ੁਰੂ ਕਰਦਿਆਂ ਪਿਛਲੇ ਅੱਠ ਸਾਲਾਂ ਦੌਰਾਨ ਨੌਕਰੀਆਂ ਪੈਦਾ ਕਰਨ ਲਈ ਸਰਕਾਰ ਦੀਆਂ ਕੋਸ਼ਿਸ਼ਾਂ ‘ਤੇ ਜ਼ੋਰ ਦਿੱਤਾ ਸੀ। ਇਸ ਦੌਰਾਨ ਪਹਿਲੇ ਪੜਾਅ ਤਹਿਤ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਲਈ 75000 ਲੋਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਸਨ। ਕਾਂਗਰਸ ਨੌਜਵਾਨਾਂ ਲਈ ਨੌਕਰੀਆਂ ਦੀ ਘਾਟ ਅਤੇ ਵਧ ਰਹੀ ਬੇਰੁਜ਼ਗਾਰੀ ਦੇ ਮੁੱਦੇ ‘ਤੇ ਲਗਾਤਾਰ ਕੇਂਦਰ ਸਰਕਾਰ ਦਾ ਘਿਰਾਓ ਕਰ ਰਹੀ ਹੈ। -ਪੀਟੀਆਈ

News Source link