ਮੁੰਬਈ, 5 ਮਾਰਚ

ਸ਼ਿਵ ਸੈਨਾ (ਯੂਬੀਟੀ) ਦੇ ਆਗੂ ਅਤੇ ਰਾਜ ਸਭਾ ਮੈਂਬਰ ਸੰਜੈ ਰਾਊਤ ਨੇ ਅੱਜ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕਰਨ ਵਾਲੀ ਧਾਰਾ 370 ਰੱਦ ਕਰਨੀ ਸਿਰਫ ਕਾਗਜ਼ਾਂ ‘ਤੇ ਸੀ। ਉਨ੍ਹਾਂ ਕਿਹਾ ਕਿ ਅਜਿਹਾ ਭਾਜਪਾ ਦੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਖਾਲਿਸਤਾਨ ਪੱਖੀ ਅਨਸਰਾਂ ਦੇ ਮੁੜ ਉਭਰਨ ‘ਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਹ ਅੰਦਰੂਨੀ ਸੁਰੱਖਿਆ ਨਾਲ ਜੁੜਿਆ ਮੁੱਦਾ ਹੈ, ਜਿਸ ਨੂੰ ਸੂਬਾ ਸਰਕਾਰ ਦੇ ਭਰੋਸੇ ਨਹੀਂ ਛੱਡਿਆ ਜਾ ਸਕਦਾ।

ਪਾਰਟੀ ਦੀ ਅਖਬਾਰ ‘ਸਾਮਨਾ’ ਵਿੱਚ ਆਪਣੇ ਹਫਤਾਵਰੀ ਕਾਲਮ ‘ਰੋਕਟੋਕ’ ਵਿੱਚ ਰਾਊਤ ਨੇ ਕਿਹਾ ਕਿ ਧਾਰਾ 370 ਹਟਾਉਣ ਦੇ ਬਾਵਜੂਦ ਕਸ਼ਮੀਰੀ ਪੰਡਿਤਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲੇ ਅਤੇ ਭਾਜਪਾ ਆਗੂਆਂ ਕੋਲ ਇਨ੍ਹਾਂ ਦਾ ਕੋਈ ਜਵਾਬ ਨਹੀਂ ਹੈ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪੁਲਵਾਮਾ ਵਿੱਚ ਅਤਿਵਾਦੀਆਂ ਵੱਲੋਂ ਇੱਕ ਕਸ਼ਮੀਰੀ ਪੰਡਿਤ ਦੀ ਹੱਤਿਆ ਕੀਤੀ ਗਈ ਸੀ ਪਰ ਭਾਜਪਾ ਵੱਲੋਂ ਕਥਿਤ ਆਬਕਾਰੀ ਘੁਟਾਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਕੇ ਭਾਈਚਾਰੇ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਗਈ। ਰਾਊਤ ਨੇ ਕਿਹਾ, ”ਜੰਮੂ ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਸੀ ਅਤੇ ਰਹੇਗਾ। ਧਾਰਾ 370 ਹਟਾਉਣਾ ਸਿਰਫ਼ ਕਾਗਜ਼ਾਂ ‘ਤੇ ਹੀ ਹੈ ਅਤੇ ਅਜਿਹਾ ਭਾਜਪਾ ਦੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਕੀਤਾ ਗਿਆ ਹੈ।” -ਪੀਟੀਆਈ

News Source link