ਦਰਸ਼ਨ ਸਿੰਘ ਸੋਢੀ

ਮੁਹਾਲੀ, 26 ਮਈ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਨੇ ਅੱਜ ਅਪਰਾਧੀ ਗਰੋਹ ਦੇ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਗੈਂਗਵਾਰ ਵਿੱਚ ਸ਼ਾਮਲ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ‘ਚੋਂ.30 ਬੋਰ ਦੇ ਪਿਸਤੌਲ ਸਮੇਤ 5 ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ ਰਾਹੁਲ ਉਰਫ਼ ਆਕਾਸ਼ ਵਾਸੀ ਪਿੰਡ ਨੌਰੰਗ ਕੇ ਲੇਲੀ, ਫਿਰੋਜ਼ਪੁਰ ਵਜੋਂ ਹੋਈ ਹੈ।

ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਪੈਸ਼ਲ ਅਪਰੇਸ਼ਨ ਸੈੱਲ, ਮੁਹਾਲੀ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਦੇ ਸਾਥੀ ਸੁੱਖ ਉਰਫ਼ ਸੁਭਾਸ਼ ਵਾਸੀ ਪਿੰਡ ਬਾਬਰਾ ਆਜ਼ਮ ਸ਼ਾਹ, ਫਿਰੋਜ਼ਪੁਰ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹ ਦੋਵੇਂ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਦੋਹਰੇ ਕਤਲ, ਇਰਾਦਾ ਕਤਲ ਤੇ ਅਸਲਾ ਐਕਟ ਸਮੇਤ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹਨ।

ਏਆਈਜੀ ਨੇ ਕਿਹਾ ਕਿ ਸੂਹ ਮਿਲੀ ਸੀ ਕਿ ਰਾਹੁਲ ਅਤੇ ਸੁੱਖ, ਜੋ ਜ਼ਮਾਨਤ ‘ਤੇ ਹਨ, ਵਿਰੋਧੀ ਗਰੋਹਾਂ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਉਹ ਆਪਣੇ ਅਣਪਛਾਤੇ ਸਾਥੀਆਂ ਤੋਂ ਹੋਰ ਗੈਰ-ਕਾਨੂੰਨੀ ਹਥਿਆਰਾਂ ਦਾ ਪ੍ਰਬੰਧ ਵੀ ਕਰ ਰਹੇ ਸਨ। ਐੱਸਐੱਸਓਸੀ ਮੁਹਾਲੀ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਰਾਹੁਲ ਉਰਫ਼ ਆਕਾਸ਼ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ ਪਿਸਤੌਲ ਬਰਾਮਦ ਕੀਤਾ, ਜਦੋਂ ਕਿ ਸੁੱਖ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ।

News Source link