ਸਤਲੁਜ ਦੀ ਭੇਟ ਚੜ੍ਹਨ ਲੱਗੇ ਪੰਜਾਬ ਦੇ ਹੋਰ ਪਿੰਡ, ਦਿੱਲੀ ਤਕ ਹੜ੍ਹਾਂ ਦਾ ਸਹਿਮ

ਡਿਪਟੀ ਕਮਿਸ਼ਨਰ ਤੇ ਆਹਲਾ ਪੁਲਿਸ ਅਧਿਕਾਰੀਆਂ ਨੇ ਪਿੰਡਾਂ ਦਾ ਦੌਰਾ ਕੀਤਾ ਅਤੇ ਹਾਲਾਤ ਦਾ ਜਾਇਜ਼ਾ ਲਿਆ। ਪ੍ਰਸ਼ਾਸਨ ਨੇ ਪਹਿਲਾਂ ਹੀ ਪਿੰਡ ਖਾਲੀ ਕਰਨ ਦਾ ਐਲਾਨ ਕਰ ਦਿੱਤਾ ਸੀ। ਹੁਣ ਐਨਡੀਆਰਐਫ ਦੀਆਂ ਟੀਮਾਂ ਪਿੰਡਾਂ ਵਿੱਚ ਫਸੇ ਲੋਕਾਂ ਨੂੰ ਬਚਾਉਣ ਵਿੱਚ ਜੁਟ ਗਈਆਂ ਹਨ।

ਜਲੰਧਰ: ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਦਰਿਆਵਾਂ ਦਾ ਪੱਧਰ ਕਾਫੀ ਵਧਿਆ ਹੋਇਆ ਹੈ। ਬੀਤੇ ਕੱਲ੍ਹ ਵੀ ਸਤਲੁਜ ਦਰਿਆ ਵਿੱਚ ਛੱਡੇ ਗਏ ਸਵਾ ਦੋ ਲੱਖ ਕਿਊਸਿਕ ਪਾਣੀ ਤੋਂ ਬਾਅਦ ਪਾਣੀ ਜਲੰਧਰ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੀ ਭਰਨਾ ਸ਼ੁਰੂ ਹੋ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਜਲੰਧਰ ਜ਼ਿਲ੍ਹੇ ਦੇ ਅਧੀਨ ਆਉਂਦੇ ਲੁਧਿਆਣਾ ਨੇੜਲੇ ਕਸਬਾ ਫਿਲੌਰ ਦੇ ਚਾਰ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਉੱਧਰ, ਹੜ੍ਹਾਂ ਦਾ ਖ਼ਤਰਾ ਦਿੱਲੀ ਤਕ ਪਹੁੰਚ ਗਿਆ ਹੈ।

ਡਿਪਟੀ ਕਮਿਸ਼ਨਰ ਤੇ ਆਹਲਾ ਪੁਲਿਸ ਅਧਿਕਾਰੀਆਂ ਨੇ ਪਿੰਡਾਂ ਦਾ ਦੌਰਾ ਕੀਤਾ ਅਤੇ ਹਾਲਾਤ ਦਾ ਜਾਇਜ਼ਾ ਲਿਆ। ਪ੍ਰਸ਼ਾਸਨ ਨੇ ਪਹਿਲਾਂ ਹੀ ਪਿੰਡ ਖਾਲੀ ਕਰਨ ਦਾ ਐਲਾਨ ਕਰ ਦਿੱਤਾ ਸੀ। ਹੁਣ ਐਨਡੀਆਰਐਫ ਦੀਆਂ ਟੀਮਾਂ ਪਿੰਡਾਂ ਵਿੱਚ ਫਸੇ ਲੋਕਾਂ ਨੂੰ ਬਚਾਉਣ ਵਿੱਚ ਜੁਟ ਗਈਆਂ ਹਨ। ਬੀਤੇ ਕੱਲ੍ਹ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਮੋਗਾ ਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਸਨ ਪਰ ਹੁਣ ਜਲੰਧਰ ਜ਼ਿਲ੍ਹਾ ਵੀ ਹੜ੍ਹਾਂ ਦੀ ਲਪੇਟ ਵਿੱਚ ਆ ਗਿਆ ਹੈ।

ਹਿਮਾਚਲ ਪ੍ਰਦੇਸ਼ ਵਿੱਚ ਬੀਤੇ ਦਿਨੀਂ ਪਏ ਭਾਰੀ ਮੀਂਹ ਕਾਰਨ ਸਤਲੁਜ ਤੇ ਬਿਆਸ ਤੋਂ ਇਲਾਵਾ ਯਮੁਨਾ ਨਦੀ ਵੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਹਾਲਾਤ ਦੇਖਦਿਆਂ ਦਿੱਲੀ ਸਰਕਾਰ ਨੇ ਐਤਵਾਰ ਨੂੰ ਚੇਤਾਵਨੀ ਜਾਰੀ ਕਰ ਦਿੱਤੀ ਹੈ ਅਤੇ ਹੇਠਲੇ ਇਲਾਕਿਆਂ ਵਿੱਚ ਵੱਸਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ।

ਹਰਿਆਣਾ ਦੇ ਹਥਨੀਕੁੰਡ ਬੈਰਾਜ ਤੋਂ ਵੱਡੀ ਮਾਤਰਾ ਵਿੱਚ ਪਾਣੀ ਛੱਡੇ ਜਾਣ ਕਾਰਨ ਯਮੁਨਾ ਨਦੀ ਵਿੱਚ ਪਾਣੀ ਦਾ ਪੱਧਰ 207 ਮੀਟਰ ਤਕ ਪਹੁੰਚਣ ਦਾ ਖ਼ਦਸ਼ਾ ਹੈ। ਮੌਸਮ ਵਿਭਾਗ ਮੁਤਾਬਕ ਆਉਂਦੇ ਕਈ ਦਿਨਾਂ ਤਕ ਮੌਸਮ ਖ਼ਰਾਬ ਰਹੇਗਾ ਪਰ ਭਾਰੀ ਬਰਸਾਤ ਦਾ ਡਰ ਹੁਣ ਨਹੀਂ ਹੈ।